ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

author
0 minutes, 0 seconds Read

ਚੰਡੀਗੜ੍ਹ, 2 ਫਰਵਰੀ, 2026:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਖੇਤਰੀ ਟਰਾਂਸਪੋਰਟ ਦਫ਼ਤਰ, ਬਠਿੰਡਾ ਵਿਖੇ ਤਾਇਨਾਤ ਕਲਰਕ ਡੇਵਿਡ ਨੂੰ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਕਨ੍ਹਈਆ ਨਗਰ, ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਏਜੰਟ ਰਾਜਾ ਮਿੱਤਲ ਦੇ ਦਫ਼ਤਰ ਵਿੱਚ ਇੱਕ ਦਿਹਾੜੀਦਾਰ ਵਜੋਂ ਕੰਮ ਕਰਦਾ ਹੈ ਅਤੇ ਆਰਟੀਓ ਬਠਿੰਡਾ ਨਾਲ ਸਬੰਧਤ ਕੰਮਕਾਜ ਸੰਭਾਲਦਾ ਹੈ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਆਰਟੀਓ ਬਠਿੰਡਾ ਵਿੱਚ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰਸੀ) ਦੀ ਆਨਲਾਈਨ ਤਸਦੀਕ ਕਰਨ ਦੀ ਡਿਊਟੀ ਨਿਭਾ ਰਿਹਾ ਹੈ। ਪਰ ਮੁਲਜ਼ਮ ਸ਼ਿਕਾਇਤਕਰਤਾ ਦੀਆਂ ਫਾਈਲਾਂ ਦੀ ਤਸਦੀਕ ਨਹੀਂ ਕਰ ਰਿਹਾ ਸੀ ਅਤੇ ਉਨ੍ਹਾਂ ਫਾਈਲਾਂ ਦੀ ਤਸਦੀਕ ਕਰਵਾਉਣ ਲਈ ਪ੍ਰਤੀ ਫਾਈਲ 300 ਰੁਪਏ ਦੀ ਮੰਗ ਕਰ ਰਿਹਾ ਸੀ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਬਠਿੰਡਾ ਦੇ ਬੱਸ ਸਟੈਂਡ ‘ਤੇ ਬੁਲਾਇਆ ਅਤੇ 2100 ਰੁਪਏ ਰਿਸ਼ਵਤ ਵਜੋਂ ਲਏ ਅਤੇ ਫਿਰ ਗੈਰ-ਕਾਨੂੰਨੀ ਰਿਸ਼ਵਤ ਵਜੋਂ 3000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ, ਜਿਸ ਕਾਰਨ ਉਸਨੇ ਵਿਜੀਲੈਂਸ ਬਿਊਰੋ ਯੂਨਿਟ, ਬਠਿੰਡਾ ਨਾਲ ਸੰਪਰਕ ਕੀਤਾ।

ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2700 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Similar Posts

Leave a Reply

Your email address will not be published. Required fields are marked *