ਪੰਜਾਬ ਕੈਬਿਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸ੍ਰੀ ਅਕਾਲ ਤਖ਼ਤ ਸਾਹਿਬ ਹੋਏ ਪੇਸ਼

author
0 minutes, 0 seconds Read

ਚੰਡੀਗੜ੍ਹ/ ਅੰਮ੍ਰਿਤਸਰ, 5 ਜਨਵਰੀ 2026: ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜੱਥੇਦਾਰ ਸਾਹਿਬ ਵੱਲੋਂ ਪ੍ਰਾਪਤ ਹੋਏ ਆਦੇਸ਼ ‘ਤੇ ਸੰਬੰਧਿਤ ਵਿਭਾਗ ਵਲੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ | ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ |

ਤਰੁਨਪ੍ਰੀਤ ਸਿੰਘ ਸੌਂਦ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬਾਨ ਕੋਲ ਆਪਣਾ ਸਪੱਸ਼ਟੀਕਰਨ ਦਿੱਤਾ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੀ ਸੁਪਰੀਮ ਸੰਸਥਾ ਹੈ ਅਤੇ ਸਿੰਘ ਸਾਹਿਬਾਨ ਵਲੋਂ ਦਿੱਤਾ ਹਰ ਆਦੇਸ਼ ਸਾਡੇ ਲਈ ਰੱਬੀ ਹੁਕਮ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਭਾਈ ਜੈਤਾ ਜੀ ਸਮਾਰਕ ਬਣਾਇਆ ਹੈ, ਜਿਸ ‘ਚ ਲਗਾਈ ਇਕ ਤਸਵੀਰ ਨੂੰ ਲੈ ਕੇ ਜੱਥੇਦਾਰ ਸਾਹਿਬ ਨੇ ਇਤਰਾਜ ਜਤਾਇਆ ਅਤੇ ਤਲਬ ਕੀਤੇ ਜਾਣ ਦਾ ਹੁਕਮ ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਅਸੀਂ ਉਨਾਂ ਦੇ ਇਤਰਾਜ ਮੁਤਾਬਕ ਤਸਵੀਰ ਤਾਂ ਉਸੇ ਦਿਨ ਹੀ ਦਰੁਸਤ ਕਰ ਦਿੱਤੀ ਸੀ, ਪਰ ਸੰਬੰਧਿਤ ਵਿਭਾਗ ਦਾ ਮੁਖੀ ਹੋਣ ਦੇ ਨਾਤੇ ਉਹ ਸੋਮਵਾਰ ਨੂੰ ਸਪੱਸ਼ਟੀਕਰਨ ਦੇਣ ਲਈ ਆਏ ਹਨ।

ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਿੰਘ ਸਾਹਿਬਾਨ ਨੇ ਮੇਰਾ ਪੱਖ ਸੁਣਦੇ ਹੋਏ ਹੁਕਮ ਦਿੱਤਾ ਹੈ ਕਿ ਵਿਭਾਗ ਵੱਲੋਂ ਕਰਵਾਏ ਜਾਂਦੇ ਕਿਸੇ ਵੀ ਕੰਮ ‘ਚ ਸਿੱਖ ਧਰਮ ਦੀ ਮਰਿਯਾਦਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਗੁਰੂਆਂ ਤੇ ਸ਼ਹੀਦਾਂ ਦੇ ਸਤਿਕਾਰ ‘ਚ ਕੋਈ ਕੁਤਾਹੀ ਨਾ ਹੋਵੇ। ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਿੰਘ ਸਾਹਿਬਾਨ ਨੇ ਇਹ ਵੀ ਕਿਹਾ ਹੈ ਕਿ ਗੁਰਮਤਿ ਵਿਚਾਰਧਾਰਾ ਦੇ ਧਾਰਨੀ ਕਿਸੇ ਵਿਦਵਾਨ ਅਧਿਕਾਰੀ ਨੂੰ ਵਿਭਾਗ ‘ਚ ਨਿਯੁਕਤ ਕੀਤਾ ਜਾਵੇ।

ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਾਣੂੰ ਕਰਵਾ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਭਵਿੱਖ ‘ਚ ਕੋਈ ਵੀ ਗਲਤੀ ਸਾਡੇ ਕੋਲੋਂ ਜਾਣੇ-ਅਨਜਾਣੇ ‘ਚ ਨਾ ਹੋਵੇ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਵੀ ਇਸ ਸਬੰਧੀ ਸਖ਼ਤ ਨਿਰਦੇਸ਼ ਜਾਰੀ ਕਰ ਦਿੱਤੇ ਹਨ ਕਿ ਜਦੋਂ ਵੀ ਧਰਮ ਨਾਲ ਸਬੰਧਤ ਕੋਈ ਵੀ ਪ੍ਰੋਗਰਾਮ ਜਾਂ ਕੰਮ ਕੀਤਾ ਜਾਵੇ ਤਾਂ ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੋਲੋਂ ਅਗਵਾਈ ਲਈ ਜਾਣੀ ਯਕੀਨੀ ਬਣਾਈ ਜਾਵੇ।

Similar Posts

Leave a Reply

Your email address will not be published. Required fields are marked *