ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦੇਖ ਰਿਹੈ: ਮੁੱਖ ਮੰਤਰੀ

0 minutes, 2 seconds Read

ਸਤੌਜ (ਸੰਗਰੂਰ), 10 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਭਰ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਪੰਜਾਬ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਗਵਾਹ ਬਣ ਰਿਹਾ ਹੈ।

ਇਥੇ ਦਿੜ੍ਹਬਾ ਵਿਧਾਨ ਸਭਾ ਹਲਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ‘ਤੇ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਿਹਾ ਹੈ, ਜੋ ਜਲਦ ਹੀ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਡੇਰੇ ਜਨਤਕ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਸੂਬੇ ਦੇ ਵਿਕਾਸ ਦੀ ਰਫ਼ਤਾਰ ਨੂੰ ਹੁਲਾਰਾ ਦੇਣ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਪ੍ਰੋਜੈਕਟ ਜਨਤਾ ਨੂੰ ਸਮਰਪਿਤ ਕੀਤੇ ਜਾਣਗੇ।

ਖੇਤੀਬਾੜੀ ਸੈਕਟਰ ਬਾਰੇ ਬੋਲਦਿਆਂ  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਟਿਊਬਵੈੱਲਾਂ ਦੀ ਵਰਤੋਂ ਤੋਂ ਬਿਨਾਂ ਝੋਨੇ ਦੀ ਬਿਜਾਈ ਨੂੰ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਮਾਣ ਮਹਿਸੂਸ ਹੋ ਰਿਹਾ ਹੈ ਕਿ ਹੁਣ ਨਹਿਰੀ ਪਾਣੀ ਸੂਬੇ ਦੇ ਟੇਲਾਂ ‘ਤੇ ਵਸਦੇ ਦੂਰ-ਦੁਰਾਡੇ ਦੇ ਪਿੰਡਾਂ ਤੱਕ ਵੀ ਪਹੁੰਚ ਗਿਆ ਹੈ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਭਰ ਵਿੱਚ 15,947 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸਦੇ ਨਾਲ ਹੀ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਦੇ ਜਲ ਸਰੋਤਾਂ ਨੂੰ ਦੂਜੇ ਰਾਜਾਂ ਵੱਲ ਮੋੜਨ ਦੀਆਂ ਕੋਸ਼ਿਸ਼ਾਂ ਨੂੰ ਸਿਰੇ ਤੋਂ ਨਾਕਾਮ ਕੀਤਾ ਹੈ ਅਤੇ ਇਨ੍ਹਾਂ ਜਲ ਸਰੋਤਾਂ ਸੂਬੇ ਦਾ ਹੱਕ ਨੂੰ ਪੂਰੀ ਤਰ੍ਹਾਂ ਬਰਕਰਾਰ ਰੱਖਿਆ ਹੈ।

ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਯੋਜਨਾ ਦੇਸ਼ ਭਰ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦੀ-ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਉਨ੍ਹਾਂ ਮਾਣ ਨਾਲ ਕਿਹਾ ਕਿ ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ, ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਂਦਿਆਂ ਜਨਤਾ ‘ਤੇ ਵਿੱਤੀ ਬੋਝ ਨੂੰ ਕਾਫ਼ੀ ਹੱਦ ਤੱਕ ਘਟਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਸਰਵ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਖੇਤੀ ਅਤੇ ਕਿਸਾਨ ਹਮੇਸ਼ਾ ਹੀ ਉਨ੍ਹਾਂ ਦੀ ਸਰਕਾਰ ਦੀ ਪਹਿਲੀ ਤਰਜੀਹ ਰਹੇ ਹਨ ਅਤੇ ਖੇਤੀਬਾੜੀ ਨੂੰ ਲਾਭਦਾਇਕ ਧੰਦਾ ਬਣਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਦੱਸਣ ਅਨੁਸਾਰ ਉਨ੍ਹਾਂ ਨੂੰ ਬਿਜਲੀ ਜਾਂ ਨਹਿਰੀ ਪਾਣੀ ਦੀ ਕੋਈ ਕਮੀ ਨਹੀਂ ਹੈ, ਜੋ ਕਿ ਸਾਡੇ ਲਈ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਚਿਹਰਿਆਂ ‘ਤੇ ਮੁਸਕਰਾਹਟ ਵਾਪਸ ਆਉਂਦੀ ਦੇਖ ਉਨ੍ਹਾਂ ਨੂੰ ਬਹੁਤ ਖੁਸ਼ੀ ਹੁੰਦੀ ਹੈ।

ਲੋਕਾਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਪਿੰਡ ਵਾਸੀ ਉਨ੍ਹਾਂ ਦੇ ਦਿਲ ਦੇ ਬਹੁਤ ਨੇੜੇ ਹਨ ਜਿਸ ਕਰਕੇ ਉਹ ਉਨ੍ਹਾਂ ਨਾਲ ਹਰ ਪਲ ਦਾ ਆਨੰਦ ਮਾਣਨਾ ਪਸੰਦ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਮੌਕਿਆਂ ‘ਤੇ ਪਿੰਡ ਵਾਸੀਆਂ ਨਾਲ ਜੁੜ ਕੇ ਉਨ੍ਹਾਂ ਨੂੰ ਬਹੁਤ ਮਾਣ ਅਤੇ ਸੰਤੁਸ਼ਟੀ ਮਿਲਦੀ ਹੈ ਅਤੇ ਉਹ ਪਿੰਡ ਵਾਸੀਆਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਪਿੰਡ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਪਿੰਡ ਦੀ ਪੰਚਾਇਤ ਨੂੰ 1.76 ਕਰੋੜ ਰੁਪਏ ਦਾ ਚੈੱਕ ਵੀ ਸੌਂਪਿਆ।

Similar Posts

Leave a Reply

Your email address will not be published. Required fields are marked *