ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਇਤਿਹਾਸਕ ਵਿਕਾਸ: ਡਾ. ਬਲਜੀਤ ਕੌਰ

author
0 minutes, 12 seconds Read

ਮਲੋਟ/ਸ੍ਰੀ ਮੁਕਤਸਰ ਸਾਹਿਬ, 26 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਭਲਾਈ ਦੇ ਕੰਮ ਸ਼ਲਾਘਾਯੋਗ ਹਨ। ਇਸ ਗੱਲ ਦਾ ਪ੍ਰਗਟਾਵਾ ਕੈਬਿਨੇਟ ਮੰਤਰੀ ਡਾ. ਬਲਜੀਤ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾ ਸਿਰਫ਼ ਚੋਣਾਂ ਦੌਰਾਨ ਕੀਤੀਆਂ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ, ਸਗੋਂ ਕਈ ਅਜਿਹੇ ਇਤਿਹਾਸਕ ਫੈਸਲੇ ਵੀ ਲਏ ਗਏ ਹਨ ਜੋ ਪਹਿਲਾਂ ਕਦੇ ਨਹੀਂ ਹੋਏ। ਸੜਕ ਸੁਰੱਖਿਆ ਫੋਰਸ ਦੀ ਸਥਾਪਨਾ ਅਤੇ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣਾ ਵੱਡੀ ਉਪਲਬਧੀ ਹੈ, ਜਿਸ ਨਾਲ ਕਿਸਾਨ ਭਾਈਚਾਰੇ ਨੂੰ ਵੱਡਾ ਲਾਭ ਮਿਲਿਆ ਹੈ।

ਉਨ੍ਹਾਂ ਦੱਸਿਆ ਕਿ ਨਹਿਰੀ ਪਾਣੀ ਨੂੰ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚਾਉਣ ਲਈ ਸਰਕਾਰ ਨੇ ਜ਼ੋਰਦਾਰ ਯਤਨ ਕੀਤੇ ਹਨ। ਇਸ ਦੇ ਨਾਲ ਹੀ ਦਿਨ ਦੇ ਸਮੇਂ ਬਿਜਲੀ ਮੁਹੱਈਆ ਕਰਵਾਉਣ ਦਾ ਇਤਿਹਾਸਕ ਫੈਸਲਾ ਕਿਸਾਨਾਂ ਲਈ ਵੱਡੀ ਰਾਹਤ ਬਣਿਆ ਹੈ।

ਡਾ. ਬਲਜੀਤ ਕੌਰ ਨੇ ਆਪਣੇ ਵਿਭਾਗ ਦੀਆਂ ਉਪਲਬਧੀਆਂ ਬਾਰੇ ਦੱਸਦੇ ਹੋਏ ਕਿਹਾ ਕਿ ਐਸ.ਸੀ. ਸਕਾਲਰਸ਼ਿਪ ਯੋਜਨਾ, ਜੋ ਪਹਿਲਾਂ ਵਿਵਾਦਾਂ ਵਿੱਚ ਰਹਿੰਦੀ ਸੀ, ਹੁਣ ਪਾਰਦਰਸ਼ੀ ਢੰਗ ਨਾਲ ਚੱਲ ਰਹੀ ਹੈ। ਪਿਛਲੇ ਚਾਰ ਸਾਲਾਂ ਵਿੱਚ 10 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਗਈ ਹੈ ਅਤੇ 2017 ਤੋਂ 2020 ਤੱਕ ਦੇ ਬਕਾਇਆ ਭੁਗਤਾਨ ਵੀ ਨਿਪਟਾਏ ਗਏ ਹਨ। ਇਸ ਕਾਰਗੁਜ਼ਾਰੀ ਨਾਲ ਪੰਜਾਬ ਦੇਸ਼ ਵਿੱਚ ਦੂਜੇ ਸਥਾਨ ‘ਤੇ ਪਹੁੰਚ ਗਿਆ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ 20 ਸਾਲਾਂ ਤੋਂ ਐਸ.ਸੀ. ਭਾਈਚਾਰੇ ਦੇ ਲੰਬਿਤ ਕਰਜ਼ੇ, ਜੋ ਉਨ੍ਹਾਂ ਲਈ ਬੋਝ ਬਣ ਚੁੱਕੇ ਸਨ, ਵਿੱਚੋਂ 60 ਕਰੋੜ ਰੁਪਏ ਤੋਂ ਵੱਧ ਦੇ ਲੋਨ ਮਾਫ ਕੀਤੇ ਗਏ ਹਨ।

ਗਰੰਟੀਆਂ ਦੇ ਸੰਦਰਭ ਵਿੱਚ ਉਨ੍ਹਾਂ ਦੱਸਿਆ ਕਿ 600 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਸਭ ਤੋਂ ਪਹਿਲਾਂ ਪੂਰੀ ਕੀਤੀ ਗਈ, ਜਿਸ ਨਾਲ 90% ਤੋਂ ਵੱਧ ਪਰਿਵਾਰਾਂ ਨੂੰ ਵੱਡਾ ਆਰਥਿਕ ਲਾਭ ਹੋਇਆ ਹੈ। ਇਸ ਤੋਂ ਇਲਾਵਾ ਨਸ਼ਿਆਂ ਦੇ ਖ਼ਿਲਾਫ਼ ਮੁਹਿੰਮ ਤਹਿਤ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਰਿਹਾ ਹੈ ਅਤੇ ਹਲਕਾ ਮਲੋਟ ਵਿੱਚ 30 ਤੋਂ ਵੱਧ ਖੇਡ ਮੈਦਾਨ ਤਿਆਰ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਇਨਵੈਸਟਮੈਂਟ ਨੂੰ ਵਧਾਉਣ ਲਈ ਸਰਕਾਰ ਵੱਲੋਂ ਜਪਾਨ ਅਤੇ ਕੋਰੀਆ ਦੇ ਨਿਵੇਸ਼ਕਾਂ ਨਾਲ ਸੰਪਰਕ ਕੀਤਾ ਗਿਆ ਹੈ, ਜਿਨ੍ਹਾਂ ਵੱਲੋਂ ਪੰਜਾਬ ਵਿੱਚ ਨਿਵੇਸ਼ ਦੀ ਸ਼ੁਰੂਆਤ ਵੀ ਕੀਤੀ ਗਈ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਅਪਗਰੇਡ ਕੀਤਾ ਗਿਆ ਹੈ, ਇਸੇ ਤਰ੍ਹਾਂ ਸਰਕਾਰੀ ਹਸਪਤਾਲਾਂ ਵਿੱਚ ਵੱਡੇ ਇਲਾਜ ਮੁਫ਼ਤ ਕੀਤੇ ਗਏ ਹਨ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦੀ ਸਿਹਤ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ।

ਅੰਤ ਵਿੱਚ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਦਾ ਮਕਸਦ ਪ੍ਰਚਾਰ ਨਹੀਂ, ਸਗੋਂ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਗਰੂਕ ਕਰਨਾ ਹੈ ਤਾਂ ਜੋ ਹਰ ਯੋਗ ਵਿਅਕਤੀ ਇਸਦਾ ਲਾਭ ਲੈ ਸਕੇ।

ਇਸ ਮੌਕੇ ਜੋਨੀ ਗਰਗ, ਸਤਪਾਲ ਗਿਰਧਰ, ਵਿਕਰਾਂਤ ਖੁਰਾਣਾ ਦਫਤਰ ਇੰਚਰਾਜ, ਗੁਰਪ੍ਰੀਤ ਸਿੰਘ ਸਰਾਂ, ਸਰਪੰਚ ਹਰਜਿੰਦਰ ਸਿੰਘ ਕੰਗ, ਦਰਸ਼ਨ ਸਿੰਘ ਕੰਗ, ਭੁਪਿੰਦਰ ਸਿੰਘ ਕੰਗ, ਸਤਨਾਮ ਸਿੰਘ ਸਰਾਂ ਅਤੇ  ਸੁਮੀਤ ਸਿੰਘ ਸਰਾਂ ਹਾਜ਼ਰ ਸਨ।

Similar Posts

Leave a Reply

Your email address will not be published. Required fields are marked *