ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ-ਮੁੱਖ ਮੰਤਰੀ ਵੱਲੋਂ ਸੰਕਲਪ

0 minutes, 2 seconds Read

ਅੰਮ੍ਰਿਤਸਰ, 22 ਜੁਲਾਈ*:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਦਾ ਨਾ-ਮੁਆਫੀਯੋਗ ਅਪਰਾਧ ਕਰਨ ਵਾਲੇ ਗੁਨਾਹਗਾਰਾਂ ਲਈ ਮਿਸਾਲੀ ਸਜ਼ਾ ਨੂੰ ਯਕੀਨੀ ਬਣਾਉਣ ਦਾ ਸੰਕਲਪ ਲਿਆ।
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਦੁਨੀਆ ਭਰ ਦੇ ਲੋਕ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਦੇ ਹਨ ਅਤੇ ਆਪਣੇ ਪਰਿਵਾਰਾਂ ਅਤੇ ਸਾਕ-ਸਬੰਧੀਆਂ ਦੀ ਤਰੱਕੀ ਤੇ ਸਲਾਮਤੀ ਲਈ ਅਰਦਾਸ ਕਰਦੇ ਹਨ। ਅਸੀਂ ਕਿਸੇ ਨੂੰ ਇਸ ਪਾਵਨ ਅਸਥਾਨ ਨੂੰ ਧਮਕੀਆਂ ਦੇਣ ਦੀ ਇਜਾਜ਼ਤ ਕਿਵੇਂ ਦੇ ਸਕਦੇ ਹਾਂ।”
  ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਇਸ ਬਾਰੇ ਮਹੱਤਵਪੂਰਨ ਸੁਰਾਗ ਮਿਲ ਗਏ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਮਾਮਲਾ ਛੇਤੀ ਹੀ ਹੱਲ ਹੋ ਜਾਵੇਗਾ ਕਿਉਂਕਿ ਪੁਲਿਸ ਪਹਿਲਾਂ ਹੀ ਦੋਸ਼ੀਆਂ ਦੀ ਸ਼ਨਾਖਤ ਕਰ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਗਿਆਨਕ ਢੰਗ ਨਾਲ ਤਸਦੀਕ ਜਾਰੀ ਹੈ ਅਤੇ ਇਸ ਦੇ ਪੂਰਾ ਹੋਣ ‘ਤੇ ਵੇਰਵੇ ਸਾਂਝੇ ਕੀਤੇ ਜਾਣਗੇ। 
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਇਸ ਪਵਿੱਤਰ ਅਸਥਾਨ ਦੀ ਸੁਰੱਖਿਆ ਪ੍ਰਤੀ ਹਰ ਵੇਲੇ ਚੌਕਸ ਰਹਿੰਦੀ ਹੈ, ਜਿੱਥੇ ਹਰ ਰੋਜ਼ ਲੱਖਾਂ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਵੀ ਇਸ ਮਾਮਲੇ ਵਿੱਚ ਕੋਈ ਵੀ ਅਹਿਮ ਜਾਣਕਾਰੀ ਸਾਂਝੀ ਕਰਨ ਲਈ ਆਖਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੀ ਸਥਿਤੀ ‘ਤੇ ਬਾਜ਼ ਅੱਖ ਰੱਖੀ ਜਾ ਰਹੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਵਿੱਤਰ ਸ਼ਹਿਰ ਵਿੱਚ ਸੁਰੱਖਿਆ ਪਹਿਲਾਂ ਹੀ ਵਧਾ ਦਿੱਤੀ ਗਈ ਹੈ।
ਮੁੱਖ ਮੰਤਰੀ ਨੇ ਸ਼ਰਧਾਲੂਆਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਅਜਿਹੇ ਮਾਮਲਿਆਂ ਨਾਲ ਨਜਿੱਠਣ ਦੇ ਸਮਰੱਥ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੋਸ਼ੀ ਦੁਨੀਆ ਦੇ ਕਿਸੇ ਵੀ ਕੋਨੇ ਵਿੱਚ ਲੁਕ ਨਹੀਂ ਸਕਦੇ ਅਤੇ ਸੂਬਾ ਸਰਕਾਰ ਉਨ੍ਹਾਂ ਲਈ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਸ ਦੌਰਾਨ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸੂਬੇ ਵਿੱਚ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਪੰਜਾਬ ਵਿੱਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਹਮੇਸ਼ਾ ਮਜ਼ਬੂਤ ਰਹੇਗੀ ਅਤੇ ਸੂਬਾ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇਗਾ।

Similar Posts

Leave a Reply

Your email address will not be published. Required fields are marked *