ਚੰਡੀਗੜ੍ਹ; 25 ਜੁਲਾਈ,2026*
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼ਨੀਵਾਰ ਨੂੰ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਦਾ ਸਵਾਗਤ ਕੀਤਾ ਹੈ। ਪਾਰਟੀ ਨੇ ਇਸ ਨੂੰ ਲੱਖਾਂ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਇਤਿਹਾਸਕ ਜਿੱਤ ਦੱਸਿਆ, ਜੋ ਪੇਪਰ ਲੀਕ, ਪ੍ਰੀਖਿਆਵਾਂ ਵਿੱਚ ਗੜਬੜੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਲਗਾਤਾਰ ਲੜਾਈ ਲੜ ਰਹੇ ਸਨ।
ਇਸ ਤੋਂ ਪਹਿਲਾਂ ਦਿਨ ਵੇਲੇ, ਆਪ ਨੇ ਕੇਂਦਰ ਦੀਆਂ ਵਿਦਿਆਰਥੀ ਵਿਰੋਧੀ ਨੀਤੀਆਂ ਖਿਲਾਫ ਪੂਰੇ ਪੰਜਾਬ ਵਿੱਚ ‘ਥਾਲੀ ਵਜਾਓ, ਤਾਨਾਸ਼ਾਹ ਭਗਾਓ’ ਦੇ ਰਾਜ ਵਿਆਪੀ ਧਰਨੇ-ਪ੍ਰਦਰਸ਼ਨ ਆਯੋਜਿਤ ਕੀਤੇ। ਆਪ ਦੇ ਮੰਤਰੀਆਂ, ਸੰਸਦ ਮੈਂਬਰਾਂ, ਵਿਧਾਇਕਾਂ, ਅਹੁਦੇਦਾਰਾਂ ਅਤੇ ਹਜ਼ਾਰਾਂ ਪਾਰਟੀ ਵਰਕਰਾਂ ਨੇ ਹਰ ਜ਼ਿਲ੍ਹੇ ਵਿੱਚ ਸੜਕਾਂ ‘ਤੇ ਉਤਰ ਕੇ ਵਿਦਿਆਰਥੀਆਂ ਨਾਲ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਬਾਰ-ਬਾਰ ਹੁੰਦੇ ਪੇਪਰ ਲੀਕ ਅਤੇ ਦੇਸ਼ ਦੀ ਭਰਤੀ ਤੇ ਸਿੱਖਿਆ ਪ੍ਰਣਾਲੀ ਦੇ ਢਹਿ-ਢੇਰੀ ਹੋਣ ‘ਤੇ ਕੇਂਦਰ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ।
ਧਰਮੇਂਦਰ ਪ੍ਰਧਾਨ ਦੇ ਅਸਤੀਫੇ ‘ਤੇ ਆਪ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਧਰਮੇਂਦਰ ਪ੍ਰਧਾਨ ਦਾ ਅਸਤੀਫਾ ਨੌਜਵਾਨ ਸ਼ਕਤੀ ਦੀ ਇੱਕ ਵੱਡੀ ਮਿਸਾਲ ਹੈ। ਪ੍ਰਧਾਨ ਮੰਤਰੀ ਮੋਦੀ ਨੂੰ ਇਸ ਨੂੰ ਜਲਦ ਤੋਂ ਜਲਦ ਸਵੀਕਾਰ ਕਰਨਾ ਚਾਹੀਦਾ ਹੈ। ਆਖਰਕਾਰ, ਭਾਜਪਾ ਨੌਜਵਾਨਾਂ ਦੀ ਜ਼ਿੱਦ ਅੱਗੇ ਝੁਕ ਗਈ ਹੈ। ਉਮੀਦ ਹੈ ਕਿ ਇਸ ਨਾਲ ਸਿੱਖਿਆ ਪ੍ਰਣਾਲੀ ਦਾ ਪੁਨਰਗਠਨ, ਪੇਪਰ ਲੀਕ ਦੀ ਸਮੱਸਿਆ ਦਾ ਹੱਲ ਵਰਗੇ ਵਿਦਿਆਰਥੀਆਂ ਲਈ ਵੱਡੇ ਸੁਧਾਰ ਅਤੇ ਵਿਆਪਕ ਬਦਲਾਅ ਹੋਣਗੇ ਇਨਕਲਾਬ ਜ਼ਿੰਦਾਬਾਦ।”
ਇਸ ਦੌਰਾਨ, ਆਪ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਇਸ ਅਸਤੀਫੇ ਨੂੰ ਕਰੋੜਾਂ ਵਿਦਿਆਰਥੀਆਂ, ਨੌਜਵਾਨਾਂ ਅਤੇ ਲੋਕਤੰਤਰ ਤੇ ਅਨਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਦੇ ਅਧਿਕਾਰ ਵਿੱਚ ਵਿਸ਼ਵਾਸ ਰੱਖਣ ਵਾਲੇ ਹਰ ਨਾਗਰਿਕ ਦੀ ਇੱਕ ਇਤਿਹਾਸਕ ਜਿੱਤ ਕਰਾਰ ਦਿੱਤਾ।
ਆਪ ਸੰਸਦ ਮੈਂਬਰ ਨੇ ਪੁਲਿਸ ਦੀਆਂ ਕਾਰਵਾਈਆਂ ਅਤੇ ਧੱਕੇਸ਼ਾਹੀ ਦਾ ਸਾਹਮਣਾ ਕਰਨ ਦੇ ਬਾਵਜੂਦ ਅੰਦੋਲਨ ਦੀ ਅਗਵਾਈ ਕਰਨ ਵਾਲੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, “ਭਾਜਪਾ ਸਰਕਾਰ ਨੇ ਲੋਕਤੰਤਰੀ ਅੰਦੋਲਨ ਨੂੰ ਦਬਾਉਣ ਲਈ ਹਰ ਸੰਭਵ ਹਥਕੰਡਾ ਅਪਣਾਇਆ, ਪਰ ਵਿਦਿਆਰਥੀਆਂ ਦੇ ਹੌਸਲੇ ਅਤੇ ਏਕਤਾ ਨੇ ਆਖਰਕਾਰ ਕੇਂਦਰ ਨੂੰ ਪਿੱਛੇ ਹਟਣ ਲਈ ਮਜਬੂਰ ਕਰ ਦਿੱਤਾ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ‘ਤੇ ਲਾਠੀਚਾਰਜ ਕੀਤਾ ਗਿਆ, ਕਈਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ, ਅਤੇ ਇੱਥੋਂ ਤੱਕ ਕਿ ਪ੍ਰਦਰਸ਼ਨਕਾਰੀਆਂ ਦੇ ਖਾਣ-ਪੀਣ ਦੇ ਪ੍ਰਬੰਧਾਂ ਵਿੱਚ ਵਿਘਨ ਪਾਉਣ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ। ਇਹਨਾਂ ਸਾਰੀਆਂ ਔਕੜਾਂ ਦੇ ਬਾਵਜੂਦ, ਵਿਦਿਆਰਥੀ ਇੱਕਜੁੱਟ ਰਹੇ ਅਤੇ ਸਰਕਾਰ ਨੂੰ ਕਾਰਵਾਈ ਕਰਨ ਲਈ ਮਜਬੂਰ ਹੋਣ ਤੱਕ ਆਪਣਾ ਸ਼ਾਂਤਮਈ ਸੰਘਰਸ਼ ਜਾਰੀ ਰੱਖਿਆ।”
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਿਰਫ਼ ਅਸਤੀਫ਼ਾ ਹੀ ਕਾਫ਼ੀ ਨਹੀਂ ਹੋਵੇਗਾ। ਉਨ੍ਹਾਂ ਪਾਰਦਰਸ਼ਤਾ, ਜਵਾਬਦੇਹੀ ਨਿਸ਼ਚਿਤ ਕਰਨ ਅਤੇ ਪੇਪਰ ਲੀਕ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਦੇਸ਼ ਦੀ ਪ੍ਰੀਖਿਆ ਅਤੇ ਭਰਤੀ ਪ੍ਰਣਾਲੀ ਦੇ ਮੁਕੰਮਲ ਸੁਧਾਰ ਦੀ ਮੰਗ ਕੀਤੀ, ਜਿਸ ਨੇ ਲੱਖਾਂ ਨੌਜਵਾਨਾਂ ਦੇ ਭਵਿੱਖ ਅਤੇ ਉਮੀਦਾਂ ਨੂੰ ਠੇਸ ਪਹੁੰਚਾਈ ਹੈ।
ਮਾਲਵਿੰਦਰ ਸਿੰਘ ਕੰਗ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਤਾਨਾਸ਼ਾਹੀ ਰਵੱਈਆ ਅਪਣਾਉਣ ਵਿਰੁੱਧ ਚੇਤਾਵਨੀ ਵੀ ਦਿੱਤੀ। ਉਨ੍ਹਾਂ ਕਿਹਾ, ”ਜੇਕਰ ਕੇਂਦਰ ਸਰਕਾਰ ਵਿਦਿਆਰਥੀਆਂ, ਕਿਸਾਨਾਂ, ਮੁਲਾਜ਼ਮਾਂ ਅਤੇ ਸਮਾਜ ਦੇ ਹੋਰ ਵਰਗਾਂ ਦੀ ਆਵਾਜ਼ ਨੂੰ ਅਣਗੌਲਿਆ ਕਰਦੀ ਰਹੀ, ਤਾਂ ਲੋਕ ਲੋਕਤੰਤਰ ਦੀ ਰਾਖੀ ਅਤੇ ਆਪਣੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਇੱਕ ਵਾਰ ਫਿਰ ਸੜਕਾਂ ‘ਤੇ ਉਤਰਨਗੇ।”
ਵਿਦਿਆਰਥੀਆਂ ਅਤੇ ਨੌਜਵਾਨਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਆਪ ਨੇ ਕਿਹਾ ਕਿ ਜਦੋਂ ਤੱਕ ਦੇਸ਼ ਦੀ ਸਿੱਖਿਆ ਪ੍ਰਣਾਲੀ ਨੂੰ ਪਾਰਦਰਸ਼ੀ, ਨਿਰਪੱਖ ਅਤੇ ਜਵਾਬਦੇਹ ਨਹੀਂ ਬਣਾਇਆ ਜਾਂਦਾ, ਉਹ ਸੜਕਾਂ ਤੋਂ ਲੈ ਕੇ ਸੰਸਦ ਤੱਕ ਉਨ੍ਹਾਂ ਦੇ ਮੁੱਦੇ ਚੁੱਕਦੇ ਰਹਿਣਗੇ।
