ਚੰਡੀਗੜ੍ਹ, 28 ਅਕਤੂਬਰ, 2026: ਪੰਜਾਬ ਦੇ ਵਿੱਤ ਅਤੇ ਆਵਾਜਾਈ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਟਰਾਂਸਪੋਰਟ ਵਿਭਾਗ, ਪੰਜਾਬ ‘ਚ ਵੱਖ-ਵੱਖ ਗਰੁੱਪ ਸੀ ਅਸਾਮੀਆਂ ਲਈ ਚੁਣੇ ਗਏ 9 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਵੰਡੇ ਹਨ। ਕੈਬਨਿਟ ਮੰਤਰੀ ਨੇ ਟਰਾਂਸਪੋਰਟ ਵਿਭਾਗ ਦੇ ਡਾਇਰੈਕਟਰ ਰਾਜੀਵ ਕੁਮਾਰ ਗੁਪਤਾ ਅਤੇ ਪੀਆਰਟੀਸੀ, ਪਟਿਆਲਾ ਦੀ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਦੀ ਮੌਜੂਦਗੀ ‘ਚ ਇਹ ਨਿਯੁਕਤੀ ਪੱਤਰ ਸੌਂਪੇ ਗਏ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜਨਤਕ ਸੇਵਾ ਲਈ ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ, ਇਮਾਨਦਾਰੀ ਅਤੇ ਪੇਸ਼ੇਵਰ ਯੋਗਤਾ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ।
ਨਵੇਂ ਨਿਯੁਕਤ ਉਮੀਦਵਾਰਾਂ ਨੇ ਭਰਤੀ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਪੂਰਾ ਕਰਨ ਅਤੇ ਉਨ੍ਹਾਂ ਨੂੰ ਸੁਰੱਖਿਅਤ ਰੋਜ਼ੀ-ਰੋਟੀ ਪ੍ਰਦਾਨ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਦੌਰਾਨ, ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਰਮਚਾਰੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਉਨ੍ਹਾਂ ਨੇ ਠੇਕਾ ਕਰਮਚਾਰੀ ਸੰਘਰਸ਼ ਮੋਰਚਾ, ਪੰਜਾਬ ਦੇ ਆਗੂਆਂ ਬਲਿਹਾਰ ਸਿੰਘ, ਰੇਸ਼ਮ ਸਿੰਘ, ਸ਼ੇਰ ਸਿੰਘ, ਜਰੂਪ ਸਿੰਘ ਅਤੇ ਗੁਰਵਿੰਦਰ ਸਿੰਘ ਪੰਨੂ ਦੇ ਨਾਲ-ਨਾਲ ਆਊਟਸੋਰਸਡ ਕਰਮਚਾਰੀ ਫੈਡਰੇਸ਼ਨ, ਪੰਜਾਬ ਦੇ ਪ੍ਰਧਾਨ ਕੁਲਜੀਤ ਸਿੰਘ ਲੋਹਕਾ ਨਾਲ ਵੀ ਮੀਟਿੰਗ ਕੀਤੀ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਕਰਮਚਾਰੀਆਂ ਦੇ ਮਸਲਿਆਂ ਦੇ ਸਮੇਂ ਸਿਰ ਹੱਲ ਨੂੰ ਯਕੀਨੀ ਬਣਾਉਣ ਲਈ ਚੱਲ ਰਹੀ ਪ੍ਰਕਿਰਿਆ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ।
