ਚੰਡੀਗੜ੍ਹ, 10 ਨਵੰਬਰ 2026: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (VVPAT) ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ (ਐਫਐਲਸੀ) 12 ਨਵੰਬਰ 2026 ਤੋਂ ਸ਼ੁਰੂ ਹੋਵੇਗੀ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਈਵੀਐਮਜ਼ ਅਤੇ ਵੀਵੀਪੀਏਟੀ ਦੀ ਇਹ ਫਸਟ ਲੈਵਲ ਚੈਕਿੰਗ ਭਾਰਤੀ ਚੋਣ ਕਮਿਸ਼ਨ ਦੁਆਰਾ ਨਿਰਧਾਰਤ ਇੱਕ ਲਾਜ਼ਮੀ ਪ੍ਰਕਿਰਿਆ ਹੈ। ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਚੋਣਾਂ ਦੌਰਾਨ ਸਿਰਫ਼ ਪੂਰੀ ਤਰ੍ਹਾਂ ਕਾਰਜਸ਼ੀਲ ਅਤੇ ਚੋਣਾਂ ਲਈ ਤਿਆਰ ਮਸ਼ੀਨਾਂ ਦੀ ਹੀ ਵਰਤੋਂ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ, ਆਮ ਚੋਣਾਂ ਅਤੇ ਜ਼ਿਮਨੀ ਚੋਣਾਂ ‘ਚ ਵਰਤੀਆਂ ਜਾਣ ਵਾਲੀਆਂ ਈਵੀਐਮਜ਼ ਅਤੇ ਵੀਵੀਪੀਏਟੀ ਦੀ ਫਸਟ ਲੈਵਲ ਚੈਕਿੰਗ ਜ਼ਿਲ੍ਹਾ ਚੋਣ ਅਧਿਕਾਰੀ ਦੀ ਨਿਗਰਾਨੀ ਹੇਠ ਭਾਰਤ ਇਲੈਕਟ੍ਰਾਨਿਕਸ ਲਿਮਟਿਡ (ਬੀਈਐਲ) ਦੇ ਅਧਿਕਾਰਤ ਇੰਜੀਨੀਅਰਾਂ ਦੁਆਰਾ ਕੀਤੀ ਜਾਂਦੀ ਹੈ।
ਸੀਈਓ ਨੇ ਕਿਹਾ ਕਿ ਫਸਟ ਲੈਵਲ ਚੈਕਿੰਗ ‘ਚ ਦਰੁਸਤ ਪਾਈਆਂ ਜਾਣ ਵਾਲੀਆਂ ਈਵੀਐਮ ਅਤੇ ਵੀਵੀਪੀਏਟੀ ਮਸ਼ੀਨਾਂ ਨੂੰ ਵਿਧਾਨ ਸਭਾ ਚੋਣਾਂ ‘ਚ ਵਰਤਿਆ ਜਾਵੇਗਾ। ਫਸਟ ਲੈਵਲ ਚੈਕਿੰਗ ਲਈ ਵਿਸਥਾਰਕ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਕੀਤੀ ਜਾਵੇਗੀ।
ਇਹ ਪ੍ਰਕਿਰਿਆ ਭਾਰਤੀ ਚੋਣ ਕਮਿਸ਼ਨ ਦੀਆਂ ਮੌਜੂਦਾ ਹਦਾਇਤਾਂ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ। ਫਸਟ ਲੈਵਲ ਚੈਕਿੰਗ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਵਿਵਸਥਿਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਪ੍ਰਬੰਧ ਕਰ ਲਏ ਗਏ ਹਨ। ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਐਫਐਲਸੀ ਪ੍ਰਕਿਰਿਆ ਸਬੰਧਿਤ ਜ਼ਿਲ੍ਹਾ ਚੋਣ ਅਫ਼ਸਰਾਂ ਦੀ ਦੇਖ-ਰੇਖ ਅਧੀਨ ਕਰਵਾਈ ਜਾਵੇਗੀ ਅਤੇ ਇਸ ਦੀ ਨਿਗਰਾਨੀ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਾਲ-ਨਾਲ ਭਾਰਤ ਚੋਣ ਕਮਿਸ਼ਨ ਦੇ ਪੱਧਰ ‘ਤੇ ਕੀਤੀ ਜਾਵੇਗੀ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਸਮੁੱਚੀ ਪ੍ਰਕਿਰਿਆ ਦੌਰਾਨ ਮੁਕੰਮਲ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ ਸਾਰੇ 23 ਸਥਾਨਾਂ ‘ਤੇ ਪੂਰੀ ਐਫਐਲਸੀ ਪ੍ਰਕਿਰਿਆ ਦੀ ਲਾਈਵ ਵੈੱਬਕਾਸਟਿੰਗ ਕੀਤੀ ਜਾਵੇਗੀ। ਹਰੇਕ ਜ਼ਿਲ੍ਹਾ ਹੈੱਡਕੁਆਰਟਰ ‘ਤੇ ਦੋ ਡਿਸਪਲੇਅ ਸਕ੍ਰੀਨਾਂ (ਇੱਕ ਐਫਐਲਸੀ ਸਾਈਟ ‘ਤੇ ਅਤੇ ਦੂਜੀ ਸਬੰਧਿਤ ਡੀ.ਸੀ. ਦਫ਼ਤਰਾਂ ‘ਚ) ਲਗਾਈਆਂ ਹਨ ਤਾਂ ਜੋ ਨੁਮਾਇੰਦੇ ਕਾਰਵਾਈ ਨੂੰ ਨੇੜਿਓਂ ਦੇਖ ਸਕਣ।
ਮੁੱਖ ਚੋਣ ਅਫ਼ਸਰ (ਸੀਈਓ) ਹੈੱਡਕੁਆਰਟਰ ‘ਤੇ ਸਮੁੱਚੀ ਪ੍ਰਕਿਰਿਆ ਨੂੰ ਲਾਈਵ ਦੇਖਣ ਲਈ ਵਿਸ਼ੇਸ਼ ਸਕ੍ਰੀਨਾਂ ਲਗਾਈਆਂ ਗਈਆਂ ਹਨ। ਇਸ ਤੋਂ ਇਲਾਵਾ, ਭਾਰਤ ਚੋਣ ਕਮਿਸ਼ਨ ਨੇ ਇਹਨਾਂ ਕਾਰਜਾਂ ਦੀ ਦੇਖ-ਰੇਖ ਲਈ ਓਬਜ਼ਰਵਰ ਲਗਾਏ ਗਏ ਹਨ।
ਅਨਿੰਦਿਤਾ ਮਿਤਰਾ ਨੇ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਨੁਮਾਇੰਦਿਆਂ ਨੂੰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ ਫਰਸਟ ਲੈਵਲ ਚੈਕਿੰਗ ਦੌਰਾਨ ਮੌਜੂਦ ਰਹਿਣ ਲਈ ਅਧਿਕਾਰਤ ਕਰਨ। ਉਨ੍ਹਾਂ ਨੇ ਕਿਹਾ ਕਿ ਐਫਐਲਸੀ ਪ੍ਰਕਿਰਿਆ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਪਾਰਦਰਸ਼ਤਾ ਨੂੰ ਹੋਰ ਮਜ਼ਬੂਤ ਕਰੇਗੀ, ਭਾਈਵਾਲਾਂ ‘ਚ ਵਿਸ਼ਵਾਸ ਪੈਦਾ ਕਰੇਗੀ ਅਤੇ ਸਮੁੱਚੀ ਪ੍ਰਕਿਰਿਆ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨਾ ਯਕੀਨੀ ਬਣਾਏਗੀ।
