ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਦੀ ਤਜਵੀਜ਼ ਦੇ ਬਾਵਜੂਦ ਪੁਲ ਦਾ ਨਾਮ ਨਿਤੀਸ਼ ਕੁਮਾਰ ਰੱਖਣਾ ਸਿੱਖ ਭਾਵਨਾਵਾਂ ਦਾ ਅਪਮਾਨ ਹੈ: ਹਰਪਾਲ ਸਿੰਘ ਚੀਮਾ

author
0 minutes, 6 seconds Read

ਚੰਡੀਗੜ੍ਹ 21 ਨਵੰਬਰ

ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਬਿਹਾਰ ਸਰਕਾਰ ਵੱਲੋਂ ਕੱਚੀ ਦਰਗਾਹ-ਬਿਦੂਪੁਰ ਛੇ-ਮਾਰਗੀ ਪੁਲ ਦਾ ਨਾਂ ‘ਨਿਤੀਸ਼ ਸੇਤੂ’ ਰੱਖਣ ਦੇ ਫੈਸਲੇ ਦੀ ਸਖ਼ਤ ਨਿਖੇਧੀ ਕੀਤੀ ਹੈ, ਜਦਕਿ ਇਸ ਤੋਂ ਪਹਿਲਾਂ ਬਿਹਾਰ ਵਿਧਾਨ ਸਭਾ ਵਿੱਚ ਇਹ ਜਾਣਕਾਰੀ ਦਿੱਤੀ ਗਈ ਸੀ ਕਿ ਪੁਲ ਦਾ ਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ‘ਤੇ ਰੱਖਣ ਦਾ ਪ੍ਰਸਤਾਵ ਵਿਚਾਰ ਅਧੀਨ ਹੈ।

ਇਸ ਫੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਸਵੇਂ ਸਿੱਖ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਸਮਰਪਿਤ ਕਰਨ ਦੇ ਪ੍ਰਸਤਾਵ ਤੋਂ ਪਿੱਛੇ ਹਟਣਾ ਬਹੁਤ ਦੁਖਦਾਈ ਅਤੇ ਸਿੱਖ ਭਾਵਨਾਵਾਂ ਦਾ ਅਪਮਾਨ ਹੈ। ਉਨ੍ਹਾਂ ਇਸ ਕਦਮ ਨੂੰ ਸਤਿਕਾਰਯੋਗ ਗੁਰੂ ਸਾਹਿਬ ਦੀ ਵਿਰਾਸਤ ਦਾ ਮੰਦਭਾਗਾ ਸਿਆਸੀਕਰਨ ਕਰਾਰ ਦਿੱਤਾ। ਉਨ੍ਹਾਂ ਕਿਹਾ, “ਜੇਕਰ ਬਿਹਾਰ ਸਰਕਾਰ ਨਿਤੀਸ਼ ਕੁਮਾਰ ਜੀ ਦਾ ਸਨਮਾਨ ਕਰਨਾ ਚਾਹੁੰਦੀ ਹੈ, ਤਾਂ ਉਹ ਅਜਿਹਾ ਕਰਨ ਲਈ ਸੌ ਹੋਰ ਤਰੀਕੇ ਲੱਭ ਸਕਦੀ ਹੈ। ਪਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮਾਨ ਵਿੱਚ ਰੱਖੇ ਜਾਣ ਵਾਲੇ ਪ੍ਰਸਤਾਵ ਤੋਂ ਮੁੱਕਰਨਾ ਡੂੰਘੀ ਸੱਟ ਮਾਰਨ ਵਾਲਾ ਅਤੇ ਪੂਰੀ ਤਰ੍ਹਾਂ ਨਾ-ਮਨਜ਼ੂਰ ਹੈ।”

ਪੰਜਾਬ ਦੇ ਕੈਬਨਿਟ ਮੰਤਰੀ ਨੇ ਅੱਗੇ ਜ਼ੋਰ ਦੇ ਕੇ ਕਿਹਾ ਕਿ ਇਸ ਫੈਸਲੇ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਪੁਲ ਦਾ ਮੌਜੂਦਾ ਰੂਪ ਵਿੱਚ ਉਦਘਾਟਨ ਨਾ ਕਰਨ। ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਪੁਲ ਦਾ ਮੌਜੂਦਾ ਰੂਪ ਵਿੱਚ ਉਦਘਾਟਨ ਨਹੀਂ ਕਰਨਾ ਚਾਹੀਦਾ,” ਅਤੇ ਅਧਿਕਾਰੀਆਂ ਨੂੰ ਇਸ ਫੈਸਲੇ ‘ਤੇ ਮੁੜ ਵਿਚਾਰ ਕਰਨ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਜੁੜੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਕੀਤੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕੱਚੀ ਦਰਗਾਹ-ਬਿਦੂਪੁਰ ਪੁਲ ਦਾ ਨਾਂ ਬਦਲਣ ਦੇ ਫੈਸਲੇ ਨਾਲ ਅੱਗੇ ਨਾ ਵਧਣ, ਅਤੇ ਉਨ੍ਹਾਂ ਨੂੰ ਸਿੱਖ ਭਾਈਚਾਰੇ ਤੇ ਬਿਹਾਰ ਦੇ ਲੋਕਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ, “ਬਿਹਾਰ ਸਰਕਾਰ ਨੇ ਪਹਿਲਾਂ ਲੋਕਾਂ ਦੀ ਮੰਗ ਦੇ ਆਧਾਰ ‘ਤੇ ਪੁਲ ਦਾ ਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ‘ਤੇ ਰੱਖਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਪਰ ਹੁਣ ਇਸ ਦਾ ਨਾਂ ਸਾਬਕਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਨਾਂ ‘ਤੇ ਰੱਖਣ ਦਾ ਫੈਸਲਾ ਬਹੁਤ ਦੁਖਦਾਈ ਹੈ।”

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਕਿਹਾ, “ਨਿਤੀਸ਼ ਕੁਮਾਰ ਜੀ ਦਾ ਸਨਮਾਨ ਕਰਨ ਦੇ ਹਜ਼ਾਰਾਂ ਹੋਰ ਤਰੀਕੇ ਹੋ ਸਕਦੇ ਹਨ, ਪਰ ਪੁਲ ਦਾ ਨਾਂ ਪਹਿਲਾਂ ਤੋਂ ਤੈਅ ਪ੍ਰਸਤਾਵ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂ ‘ਤੇ ਹੀ ਰੱਖਿਆ ਜਾਣਾ ਚਾਹੀਦਾ ਹੈ। ਪੰਜਾਬੀਆਂ ਅਤੇ ਦੇਸ਼ ਭਰ ਦੇ ਲੋਕਾਂ ਦੇ ਦਿਲਾਂ ਵਿੱਚੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਨਾਂ ਕੋਈ ਨਹੀਂ ਮਿਟਾ ਸਕਦਾ।”

‘ਆਪ’ ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬਿਹਾਰ ਸਰਕਾਰ ਵੱਲੋਂ ਕੱਚੀ ਦਰਗਾਹ-ਬਿਦੂਪੁਰ ਪੁਲ ਦਾ ਨਾਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਂ ‘ਤੇ ਰੱਖਣ ਦੇ ਫੈਸਲੇ ਨੂੰ ਸਿੱਖ ਭਾਵਨਾਵਾਂ ਦਾ ਘੋਰ ਅਪਮਾਨ ਦੱਸਿਆ। ਉਨ੍ਹਾਂ ਅੱਗੇ ਕਿਹਾ, “ਤਖ਼ਤ ਸ੍ਰੀ ਪਟਨਾ ਸਾਹਿਬ ਦੇ ਨੇੜੇ 4,300 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇਸ ਪੁਲ ਦਾ ਨਾਂ ਇਸ ਪਵਿੱਤਰ ਸਿੱਖ ਅਸਥਾਨ ਦੇ ਨੇੜੇ ਹੋਣ ਕਾਰਨ ਪਹਿਲਾਂ ਦਸਵੇਂ ਸਿੱਖ ਗੁਰੂ ਸਾਹਿਬ ਦੇ ਨਾਂ ‘ਤੇ ਰੱਖਣ ਦਾ ਪ੍ਰਸਤਾਵ ਸੀ।”

ਭਾਜਪਾ ਦੀ ਇਸ ਦਲੀਲ ‘ਤੇ ਸਵਾਲ ਉਠਾਉਂਦਿਆਂ ਕਿ ਨਿਤੀਸ਼ ਕੁਮਾਰ ਨੇ ਬਿਹਾਰ ਵਿੱਚ ਵੱਡੇ ਬਦਲਾਅ ਲਿਆਂਦੇ ਹਨ, ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਦੇ ਯੋਗਦਾਨ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਹਾਨ ਵਿਰਾਸਤ ਤੋਂ ਉੱਪਰ ਨਹੀਂ ਰੱਖਿਆ ਜਾ ਸਕਦਾ।

ਉਨ੍ਹਾਂ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਯਕੀਨੀ ਬਣਾਉਣ ਕਿ ਪੁਲ ਦਾ ਨਾਂ ਦਸਵੇਂ ਸਿੱਖ ਗੁਰੂ ਸਾਹਿਬ ਦੇ ਨਾਂ ‘ਤੇ ਹੀ ਬਰਕਰਾਰ ਰਹੇ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅਤੇ ਹੋਰ ਸਿੱਖ ਜਥੇਬੰਦੀਆਂ ਨੂੰ ਇਸ ਫੈਸਲੇ ਦਾ ਗੰਭੀਰ ਨੋਟਿਸ ਲੈਣ ਅਤੇ ਜ਼ਿੰਮੇਵਾਰ ਲੋਕਾਂ ਦੀ ਜਵਾਬਦੇਹੀ ਤੈਅ ਕਰਨ ਦੀ ਅਪੀਲ ਕੀਤੀ।

Similar Posts

Leave a Reply

Your email address will not be published. Required fields are marked *