ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਆਊਟਸੋਰਸਡ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ

author
0 minutes, 0 seconds Read

ਚੰਡੀਗੜ੍ਹ, 23 ਨਵੰਬਰ 2026: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਥੇ 3 ਮੁਲਾਜ਼ਮ ਯੂਨੀਅਨਾਂ ਅਤੇ ਇੱਕ ਨੰਬਰਦਾਰ ਯੂਨੀਅਨ ਨਾਲ ਲੜੀਵਾਰ ਬੈਠਕਾਂ ਕੀਤੀਆਂ ਅਤੇ ਸੀਨੀਅਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਛੇਤੀ ਹੱਲ ਕਰਨ ਦੇ ਨਿਰਦੇਸ਼ ਦਿੱਤੇ।

ਬੈਠਕ ਦੌਰਾਨ ਵਿੱਤ ਮੰਤਰੀ ਨੇ ਹਰੇਕ ਵਫ਼ਦ ਵੱਲੋਂ ਉਠਾਏ ਗਏ ਮੁੱਦਿਆਂ ਨੂੰ ਬੜੇ ਧਿਆਨ ਨਾਲ ਸੁਣਿਆ। ਸਾਂਝਾ ਮੁਲਾਜ਼ਮ ਮੰਚ, ਪੁੱਡਾ ਦੀਆਂ ਚਿੰਤਾਵਾਂ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਸ਼ੇਸ਼ ਸਕੱਤਰ ਵਿੱਤ ਨੂੰ ਉਨ੍ਹਾਂ ਦੇ ਮੰਗ ਪੱਤਰ ਦਾ ਹਮਦਰਦੀ ਨਾਲ ਅਧਿਐਨ ਕਰਨ ਅਤੇ ਪੈਨਸ਼ਨਾਂ ਸਬੰਧੀ ਉਨ੍ਹਾਂ ਦੀ ਮੁੱਖ ਮੰਗ ਦਾ ਸਭ ਤੋਂ ਵਧੀਆ ਸੰਭਵ ਹੱਲ ਸੁਝਾਉਣ ਦੇ ਨਿਰਦੇਸ਼ ਦਿੱਤੇ।

ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨਾਲ ਵਿਚਾਰ-ਵਟਾਂਦਰੇ ਦੌਰਾਨ ਵਿੱਤ ਮੰਤਰੀ ਨੇ ਵਫ਼ਦਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਆਦਾਤਰ ਜਾਇਜ਼ ਮੰਗਾਂ ਪਹਿਲਾਂ ਹੀ ਵਿਚਾਰ ਅਧੀਨ ਅੰਤਿਮ ਪੜਾਅ ’ਤੇ ਹਨ।” ਉਨ੍ਹਾਂ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਯੂਨੀਅਨ ਦੇ ਨੁਮਾਇੰਦਿਆਂ ਨਾਲ ਲਗਾਤਾਰ ਰਾਬਤਾ ਬਣਾਈ ਰੱਖਣ ਅਤੇ ਉਨ੍ਹਾਂ ਦੇ ਸਬੰਧਤ ਕੇਸਾਂ ਦੀ ਮੌਜੂਦਾ ਸਥਿਤੀ ਬਾਰੇ ਨਿਯਮਤ ਤੌਰ ’ਤੇ ਜਾਣੂ ਕਰਵਾਉਣ।

ਹਰਪਾਲ ਸਿੰਘ ਚੀਮਾ ਨੇ ਸਾਰੇ ਪ੍ਰਸ਼ਾਸਕੀ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਆਊਟਸੋਰਸਡ ਤੋਂ ਠੇਕੇ ’ਤੇ ਲਿਆਉਣ ਲਈ ਪਹਿਲਾਂ ਹੀ ਤੈਅ ਕੀਤੀਆਂ ਜਾ ਚੁੱਕੀਆਂ ਸ਼੍ਰੇਣੀਆਂ ਦੇ ਕੇਸ ਜਲਦੀ ਤੋਂ ਜਲਦੀ ਪਰਸੋਨਲ ਵਿਭਾਗ ਨੂੰ ਭੇਜੇ ਜਾਣ, ਤਾਂ ਜੋ ਅਧਿਕਾਰੀਆਂ ਦੀ ਕਮੇਟੀ ਸਮੇਂ ਸਿਰ ਫੈਸਲਾ ਲੈ ਸਕੇ। ਉਨ੍ਹਾਂ ਵਿਭਾਗਾਂ ਨੂੰ ਅੱਗੇ ਹਦਾਇਤ ਕੀਤੀ, “ਐਕਟ ਸਬੰਧੀ ਕੋਈ ਵੀ ਲੋੜੀਂਦਾ ਸਪੱਸ਼ਟੀਕਰਨ ਪਰਸੋਨਲ ਵਿਭਾਗ ਤੋਂ ਪਹਿਲ ਦੇ ਆਧਾਰ ’ਤੇ ਲਿਆ ਜਾਵੇ ਤਾਂ ਜੋ ਸਬੰਧਤ ਮੁਲਾਜ਼ਮਾਂ ਨੂੰ ਭਵਿੱਖ ‘ਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਦਾ ਸਾਹਮਣਾ ਨਾ ਕਰਨਾ ਪਵੇ।”

ਵਿੱਤ ਮੰਤਰੀ ਨੇ ਨੰਬਰਦਾਰ ਯੂਨੀਅਨ ਨੂੰ ਵੀ ਭਰੋਸਾ ਦਿੱਤਾ ਕਿ ਮਾਣ-ਭੱਤੇ ‘ਚ ਵਾਧੇ ਸਬੰਧੀ ਉਨ੍ਹਾਂ ਦੀ ਮੰਗ ਵਿਚਾਰ ਅਧੀਨ ਹੈ ਅਤੇ ਇਸ ਸਬੰਧੀ ਜਲਦੀ ਹੀ ਫੈਸਲਾ ਲਿਆ ਜਾਵੇਗਾ। ਬੈਠਕਾਂ ਦੀ ਸਮਾਪਤੀ ਮੌਕੇ ਵਿੱਤ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨ ਅਤੇ ਉਨ੍ਹਾਂ ਦੀ ਸਮੁੱਚੀ ਭਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਨ੍ਹਾਂ ਬੈਠਕਾਂ ‘ਚ ਸਾਂਝਾ ਮੁਲਾਜ਼ਮ ਮੰਚ, ਪੁੱਡਾ, ਪੰਜਾਬ ਨੰਬਰਦਾਰ ਯੂਨੀਅਨ, ਇਨਲਿਸਟਮੈਂਟ ਆਊਟਸੋਰਸ ਤਾਲਮੇਲ ਕਮੇਟੀ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।

Similar Posts

Leave a Reply

Your email address will not be published. Required fields are marked *