ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਹਥਿਆਰਾਂ ਦੇ ਅੰਤਰਰਾਜੀ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸ ਤਸਕਰੀ ਗਿਰੋਹ ਦੇ ਇਕ ਪ੍ਰਮੁੱਖ ਮੈਂਬਰ ਨੂੰ ਅੰਮ੍ਰਿਤਸਰ ਦੇ ਪਿੰਡ ਭੈਣੀ ਦੇ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਕਾਲੂ (28) ਵਾਸੀ ਪਿੰਡ ਭੁੱਲਰ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਗ੍ਰਿਫਤਾਰ ਮੁਲਜ਼ਮ ਵੱਖ-ਵੱਖ ਜ਼ਿਲ੍ਹਿਆਂ ਵਿੱਚ ਐਨਡੀਪੀਐਸ ਐਕਟ ਅਤੇ ਕੁੱਟ-ਮਾਰ ਨਾਲ ਸਬੰਧਤ ਘੱਟੋ-ਘੱਟ ਅੱਠ ਅਪਰਾਧਿਕ ਮਾਮਲਿਆਂ ਵਿੱਚ ਸ਼ਾਮਲ ਸੀ। ਪੁਲਿਸ ਟੀਮ ਵੱਲੋਂ ਉਸ ਕੋਲੋਂ .32 ਬੋਰ ਦੇ 13 ਪਿਸਤੌਲਾਂ ਤੇ 26 ਮੈਗਜ਼ੀਨਾਂ ਸਮੇਤ ਦੋ ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਉਸਦੀ ਹੁੰਡਈ ਆਈ-20 ਕਾਰ ਵੀ ਜ਼ਬਤ ਕੀਤੀ ਗਈ ਹੈ।
ਸੀਪੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬ ਵਿੱਚ ਅਪਰਾਧਿਕ ਅਨਸਰਾਂ ਨੂੰ ਸਪਲਾਈ ਕਰਨ ਲਈ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕੀਤੇ ਜਾਣ ਸਬੰਧੀ ਮਿਲੀ ਗੁਪਤ ਸੂਚਨਾ ‘ਤੇ ਕਾਰਵਾਈ ਕਰਦਿਆਂ ਡੀਸੀਪੀ ਇਨਵੈਸਟੀਗੇਸ਼ਨ ਹਰਪ੍ਰੀਤ ਸਿੰਘ ਮੰਡੇਰ ਅਤੇ ਏਡੀਸੀਪੀ ਸਿਟੀ-2 ਪ੍ਰਭਜੋਤ ਸਿੰਘ ਵਿਰਕ, ਏਸੀਪੀ ਵੈਸਟ ਕਮਲਜੀਤ ਸਿੰਘ ਔਲਖ ਦੀ ਅਗਵਾਈ ਵਿੱਚ ਸੀਆਈਏ-2 ਦੀ ਪੁਲੀਸ ਟੀਮ ਨੇ ਵਿਸ਼ੇਸ਼ ਮੁਹਿੰਮ ਚਲਾ ਕੇ ਪਿੰਡ ਭੈਣੀ, ਥਾਣਾ ਛੇਹਰਟਾ, ਅੰਮ੍ਰਿਤਸਰ ਤੋਂ ਉਕਤ ਮੁਲਜ਼ਮ ਨੂੰ ਕਾਬੂ ਕਰ ਲਿਆ।
ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਤੋਂ 35,000 ਰੁਪਏ ਵਿੱਚ ਇੱਕ ਪਿਸਤੌਲ ਖਰੀਦ ਕੇ ਪੰਜਾਬ ਵਿੱਚ 50,000 ਰੁਪਏ ਵਿੱਚ ਵੇਚਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ, ਹਥਿਆਰਾਂ ਦੀ ਖਰੀਦ ਅਤੇ ਸਪਲਾਈ ਲੜੀ ਤੋੜਨ ਲਈ ਜਾਂਚ ਜਾਰੀ ਹੈ।
ਇਸ ਸਬੰਧੀ ਐਫਆਈਆਰ ਨੰ. 273 ਮਿਤੀ 10-12-2023 ਨੂੰ ਅਸਲਾ ਐਕਟ ਦੀ ਧਾਰਾ 25/54/59 ਤਹਿਤ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।