ਮੁੱਖ ਮੰਤਰੀ ਵੱਲੋਂ ਮੋਗਾ ਸਰਕਾਰ-ਵਪਾਰ ਮਿਲਣੀ ਕਰਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸ਼ਹਿਰਾਂ ਅੰਦਰ ਸਾਰੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਦਾ ਮੁਹਾਂਦਰਾ ਸੰਵਾਰਨ ਲਈ ਵਿਆਪਕ ਸਕੀਮ ਸ਼ੁਰੂ ਕਰਨ ਦਾ ਐਲਾਨ ਕੀਤਾ।


ਅੱਜ ਇੱਥੇ ‘ਸਰਕਾਰ-ਵਪਾਰ ਮਿਲਣੀ’ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲਗਪਗ ਸਾਰੀਆਂ ਦਾਣਾ ਮੰਡੀਆਂ ਹੁਣ ਸ਼ਹਿਰਾਂ ਦੇ ਅੰਦਰ ਹਨ ਜਿਸ ਕਰਕੇ ਬੱਸ ਅੱਡਿਆਂ ਅਤੇ ਦਾਣਾ ਮੰਡੀਆਂ ਨੂੰ ਆਧੁਨਿਕ ਲੀਹਾਂ ਉਤੇ ਵਿਕਸਤ ਕਰਨ ਲਈ ਵਿਆਪਕ ਪੱਧਰ ਉਤੇ ਸਕੀਮ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਲੋਕਾਂ ਨੂੰ ਸਹੂਲਤ ਮਿਲੇਗੀ, ਉਥੇ ਹੀ ਸੂਬੇ ਦੇ ਵਿਕਾਸ ਨੂੰ ਵੀ ਵੱਡਾ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਇਹ ਸੁਪਨਾ ਹੈ ਕਿ ਵੱਖ-ਵੱਖ ਖੇਤਰਾਂ ਦਾ ਹਰੇਕ ਵਰਗ ਤਰੱਕੀ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਕਦੇ ਵੀ ਅਜਿਹੇ ਸਮਾਗਮ ਨਹੀਂ ਕਰਦੇ ਸਨ ਕਿਉਂਕਿ ਉਹ ਆਪਣੀ ਨਿਕੰਮੀ ਕਾਰਗੁਜ਼ਾਰੀ ਕਰਕੇ ਲੋਕਾਂ ਦਾ ਸਾਹਮਣਾ ਕਰਨ ਤੋਂ ਹਿਚਕਚਾਉਂਦੇ ਸਨ।


ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਕੰਮ ਲਈ ਸੁਖਾਵਾਂ ਮਾਹੌਲ ਅਤੇ ਆਪਣੇ ਕਾਰੋਬਾਰ ਵਿੱਚ ਤਰੱਕੀ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਚਾਹੁੰਦੇ ਅਤੇ ਇਸ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕਰਕੇ ਇਸ ਲਈ ਵਧੀਆ ਰਾਹ ਲੱਭਿਆ ਹੈ।


ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪੰਜਾਬੀਆਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਸਗੋਂ ਪਿੰਡਾਂ ਤੋਂ ਚੱਲੇਗੀ, ਜਿਸ ਕਾਰਨ ‘ਸਰਕਾਰ ਤੁਹਾਡੇ ਦੁਆਰ’ ਸਕੀਮ ਸ਼ੁਰੂ ਕੀਤੀ ਗਈ ਹੈ। ਸੂਬੇ ਦੇ ਲੋਕਾਂ ਨੇ ਮੇਰੀ ਸਰਕਾਰ ਨੂੰ ਸ਼ਾਨਦਾਰ ਫਤਵਾ ਦੇ ਕੇ ਮੈਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ, ਜਿਸ ਕਾਰਨ ਮੈਂ ਦਿਨ-ਰਾਤ ਜਨਤਾ ਦੀ ਸੇਵਾ ਕਰਨ ਲਈ ਵਚਨਬੱਧ ਹਾਂ। ਲੋਕਾਂ ਨੂੰ ਹੁਣ ਸੂਬਾ ਸਰਕਾਰ ਦੇ ਕੰਮਕਾਜ ‘ਤੇ ਭਰੋਸਾ ਹੈ, ਜਿਸ ਕਾਰਨ ਹੁਣ ਪ੍ਰਵਾਸੀ ਭਾਰਤੀ ਪੰਜਾਬ ਦੇ ਵਿਕਾਸ ‘ਚ ਸਰਗਰਮ ਭਾਈਵਾਲ ਬਣ ਰਹੇ ਹਨ।”


ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਤਾਂ ਪ੍ਰਵਾਸੀ ਭਾਰਤੀ ਸੂਬੇ ਵਿੱਚ ਆਮ ਆਦਮੀ ਕਲੀਨਿਕ ਸਥਾਪਤ ਕਰਨ ਲਈ ਆਪਣੀਆਂ ਜਾਇਦਾਦਾਂ ਅਤੇ ਮਕਾਨ ਸੂਬਾ ਸਰਕਾਰ ਨੂੰ ਦਾਨ ਕਰ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕੁਸ਼ਾਸਨ ਕਾਰਨ ਵਿਦੇਸ਼ ਜਾਣ ਲਈ ਮਜਬੂਰ ਨੌਜਵਾਨ ਹੁਣ ਪੰਜਾਬ ਮੁੜ ਰਹੇ ਹਨ ਜੋ ਕਿ ਸੂਬੇ ਵਿੱਚ ਵਤਨ ਵਾਪਸੀ ਦਾ ਹਾਂ-ਪੱਖੀ ਰੁਝਾਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ 43,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜੋ ਪੰਜਾਬ ਦੇ ਇਤਿਹਾਸ ਵਿੱਚ ਇੱਕ ਰਿਕਾਰਡ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲਿਆਂ ਵਿੱਚ ਕੁਝ ਵਿਦੇਸ਼ਾਂ ਤੋਂ ਪਰਤੇ ਨੌਜਵਾਨ ਵੀ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਇਹ ਪੁੱਠਾ ਗੇੜ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤਿਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਿਰਫ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ, ਇਸ ਲਈ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਨੂੰ ਸੂਬੇ ਦੇ ਹਰੇਕ ਸੈਕਟਰ ਲਈ ਬਿਜਲੀ ਪੈਦਾ ਕਰਨ ਲਈ ਵਰਤੋਂ ਵਿੱਚ ਲਿਆਂਦਾ ਜਾ ਸਕਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਠੋਸ ਉਪਰਾਲੇ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕਰਨਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਪੱਧਰ ‘ਤੇ ਸ਼ੁਰੂ ਕੀਤੀ ‘ਬਿਜ਼ਨਸ ਬਲਾਸਟਰ’ ਸਕੀਮ ਇਸ ਦਿਸ਼ਾ ਵਿੱਚ ਇੱਕ ਸਹੀ ਕਦਮ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਹੁਣ 829 ਆਮ ਆਦਮੀ ਕਲੀਨਿਕ ਕਾਰਜਸ਼ੀਲ ਹਨ ਅਤੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਹਰ ਖੇਤਰ ਵਿੱਚ ਬੇਮਿਸਾਲ ਵਿਕਾਸ ਹੋ ਰਿਹਾ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬੀਆਂ ਨੇ ਕੌਮੀ ਅਜ਼ਾਦੀ ਦੇ ਸੰਘਰਸ਼ ਵਿੱਚ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ, ਕੇਂਦਰ ਸਰਕਾਰ ਨੇ ਸੂਬੇ ਨੂੰ ਪ੍ਰੇਸ਼ਾਨ ਕਰਨ ਲਈ ਆਰ.ਡੀ.ਐਫ. ਅਤੇ ਨੈਸ਼ਨਲ ਹੈਲਥ ਮਿਸ਼ਨ ਦੇ ਫੰਡ ਰੋਕ ਦਿੱਤੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਰੋਕੇ ਗਏ ਇਨ੍ਹਾਂ 8000 ਕਰੋੜ ਰੁਪਏ ਨਾਲ ਸੂਬੇ ਦੇ ਵਿਕਾਸ ਨੂੰ ਹੁਲਾਰਾ ਮਿਲ ਸਕਦਾ ਹੈ ਅਤੇ ਇਨ੍ਹਾਂ ਫੰਡਾਂ ਨੂੰ ਹਾਸਲ ਕਰਨ ਲਈ ਇਹ ਜ਼ਰੂਰੀ ਹੈ ਕਿ ਅਗਾਮੀ ਲੋਕ ਸਭਾ ਚੋਣਾਂ ਵਿੱਚ ‘ਆਪ’ ਨੂੰ ਸਾਰੀਆਂ 13 ਲੋਕ ਸਭਾ ਸੀਟਾਂ ਹਾਸਲ ਹੋਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਅਤੇ ਇੱਥੋਂ ਦੇ ਲੋਕਾਂ ਦੀ ਖੁਸ਼ਹਾਲੀ ਲਈ ਹੋਰ ਮਜ਼ਬੂਤੀ ਨਾਲ ਕੰਮ ਕਰਨ ਲਈ ਤਾਕਤ ਦੇਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਸਧਾਰਨ ਪਰਿਵਾਰ ਨਾਲ ਸਬੰਧਤ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਇਹ ਸਿਆਸਤਦਾਨ ਮੰਨਦੇ ਹਨ ਕਿ ਉਨ੍ਹਾਂ ਕੋਲ ਸੂਬੇ ਵਿੱਚ ਸੱਤਾ ਵਿੱਚ ਰਹਿਣ ਦਾ ਰੱਬੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਆਮ ਆਦਮੀ ਸੂਬੇ ਦੀ ਸੇਵਾ ਏਨੇ ਚੰਗੇ ਢੰਗ ਨਾਲ ਕਿਉਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੋਂ ਲੋਕਾਂ ਨੂੰ ਮੂਰਖ ਬਣਾ ਰਹੇ ਸਨ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ। ਮੁੱਖ ਮੰਤਰੀ ਨੇ ਵਿਅੰਗ ਕਰਦਿਆਂ ਕਿਹਾ ਕਿ ਸੂਬੇ ਦਾ ਇਕ ਸਾਬਕਾ ਵਿੱਤ ਮੰਤਰੀ ਨੌਂ ਸਾਲਾਂ ਤੱਕ ‘ਖਜ਼ਾਨਾ ਖਾਲੀ ਹੈ’ ਦੀ ਬਿਆਨਬਾਜ਼ੀ ਕਰਦਾ ਰਿਹਾ ਜਿਸ ਨਾਲ ਸੂਬੇ ਦੇ ਵਿਕਾਸ ਨੂੰ ਧੱਕਾ ਲੱਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਵਾਗਡੋਰ ਸੰਭਾਲਣ ਤੋਂ ਬਾਅਦ ਖਜ਼ਾਨੇ ਦਾ ਇਕ-ਇਕ ਪੈਸਾ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਖਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਰਕਾਰੀ ਖਜ਼ਾਨੇ ਵਿੱਚ ਹੁੰਦੀ ਲੁੱਟ ਦੀਆਂ ਚੋਰ-ਮੋਰੀਆਂ ਬੰਦ ਕੀਤੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਲੋਕਾਂ ਦੀ ਭਲਾਈ ਲਈ ਇਕ-ਇਕ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ।

Leave a Reply

Your email address will not be published. Required fields are marked *