ਮੁੱਖ ਮੰਤਰੀ ਨੇ ਕਿਹਾ ਕਿ ਮੈਡੀਕਲ ਪ੍ਰੀਖਿਆ ਨੀਟ ਦੇ ਲੀਕ ਹੋਣ ਨਾਲ ਉਨ੍ਹਾਂ ਹੋਣਹਾਰ ਵਿਦਿਆਰਥੀਆਂ ਦਾ ਭਵਿੱਖ ਬਰਬਾਦ ਹੋ ਗਿਆ ਹੈ ਜਿਨ੍ਹਾਂ ਨੇ ਇਸ ਪ੍ਰੀਖਿਆ ਲਈ ਦਿਨ-ਰਾਤ ਮਿਹਨਤ ਕੀਤੀ। ਉਨ੍ਹਾਂ ਕਿਹਾ ਕਿ ਇਹ ਹੋਰ ਵੀ ਸ਼ਰਮਨਾਕ ਗੱਲ ਹੈ ਕਿ ਕੇਂਦਰ ਸਰਕਾਰ ਨੇ ਨੀਟ ਪ੍ਰੀਖਿਆ ਦੇ ਕਿਸੇ ਵੀ ਤਰ੍ਹਾਂ ਦੇ ਲੀਕ ਹੋਣ ਤੋਂ ਇਨਕਾਰ ਕੀਤਾ ਸੀ ਪਰ ਇਹ ਬਹੁਤ ਮੰਦਭਾਗਾ ਹੈ ਕਿ ਇਸ ਘਟਨਾ ਨੇ ਪ੍ਰੀਖਿਆ ਦੀ ਤਿਆਰੀ ਕਰ ਰਹੇ ਵਿਦਿਆਰਥੀਆਂ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਹੈ ਅਤੇ ਅਜਿਹੇ ਅਮਲਾਂ ਨੂੰ ਸਖ਼ਤੀ ਨਾਲ ਰੋਕਿਆ ਜਾਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਕੋਲ ਸੂਬੇ ਦੇ ਹਰੇਕ ਖੇਤਰ ਲਈ ਬਿਜਲੀ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਵਾਧੂ ਬਿਜਲੀ ਹੈ ਅਤੇ ਚੱਲ ਰਹੇ ਪੀਕ ਸੀਜ਼ਨ ਦੇ ਬਾਵਜੂਦ ਕਿਸੇ ਵੀ ਸੈਕਟਰ ਵਿੱਚ ਬਿਜਲੀ ਕੱਟ ਨਹੀਂ ਲਾਇਆ ਜਾ ਰਿਹਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਤਾਂ ਹੀ ਸੰਭਵ ਹੋ ਰਿਹਾ ਹੈ ਕਿ ਸੂਬਾ ਸਰਕਾਰ ਵੱਲੋਂ ਵੱਡੇ ਸੁਧਾਰਾਂ ਦੀ ਸ਼ੁਰੂਆਤ ਕਰਕੇ ਹਰ ਖੇਤਰ ਨੂੰ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ।