ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਪਿਛਲੇ ਚਾਰ ਸਾਲਾਂ ਵਿੱਚ ਜਿੱਤੇ ਭਰੋਸੇ ਨੂੰ ਦਰਸਾਉਂਦਾ ਹੈ।
ਮੋਗਾ ਦੇ ਪਿੰਡ ਚੜਿੱਕ ਵਿਖੇ ਇੱਕ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ 90 ਫੀਸਦੀ ਘਰਾਂ ਲਈ ਮੁਫ਼ਤ ਬਿਜਲੀ, 10 ਲੱਖ ਰੁਪਏ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’, ਔਰਤਾਂ ਲਈ ਵਿੱਤੀ ਸਹਾਇਤਾ, ਨਹਿਰੀ ਸਿੰਚਾਈ ਦਾ ਰਿਕਾਰਡ ਵਿਸਥਾਰ, ਮੈਰਿਟ ‘ਤੇ ਪਾਰਦਰਸ਼ੀ ਸਰਕਾਰੀ ਭਰਤੀ ਅਤੇ ਸਰਕਾਰੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ਵਰਗੇ ਇਨਕਲਾਬੀ ਕਦਮਾਂ ਨੇ ਜ਼ਮੀਨੀ ਪੱਧਰ ‘ਤੇ ਵੱਡਾ ਬਦਲਾਅ ਲਿਆਂਦਾ ਹੈ, ਜਿਸ ਨਾਲ ਰਾਜ ਵਿੱਚ ਵਿਰੋਧੀ ਧਿਰਾਂ ਦਾ ਰਾਜਨੀਤਿਕ ਵਜੂਦ ਖ਼ਤਮ ਹੋ ਗਿਆ ਹੈ।
ਲੋਕ ਮਿਲਣੀ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦਿਆਂ ਸੀਐਮ ਭਗਵੰਤ ਸਿੰਘ ਮਾਨ ਨੇ ਐਕਸ ‘ਤੇ ਲਿਖਿਆ: “ਅੱਜ ਇਤਿਹਾਸਕ ਪਿੰਡ ਚੜਿੱਕ ਵਿਖੇ ਕਰਵਾਏ ਗਏ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮਿਲੇ ਅਥਾਹ ਪਿਆਰ ਅਤੇ ਵਿਸ਼ਾਲ ਇਕੱਠ ਲਈ ਤਹਿ ਦਿਲੋਂ ਧੰਨਵਾਦ। ਪਿੰਡ ਦੇ ਵਿਕਾਸ ਲਈ 51 ਲੱਖ ਰੁਪਏ ਦੀ ਗ੍ਰਾਂਟ ਸੌਂਪੀ। ਸਿਹਤ ਢਾਂਚੇ ਨੂੰ ਹੋਰ ਮਜ਼ਬੂਤ ਕਰਦਿਆਂ ਅੱਜ 100 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਪੰਜਾਬ ਵਿੱਚ ਚੱਲ ਰਹੇ ਕਲੀਨਿਕਾਂ ਦੀ ਕੁੱਲ ਗਿਣਤੀ 1,090 ਹੋ ਗਈ ਹੈ।”
ਪੋਸਟ ਦੇ ਅੰਤ ਵਿੱਚ ਲਿਖਿਆ ਗਿਆ, “ਖੇਤਾਂ ਤੱਕ 88 ਫੀਸਦੀ ਨਹਿਰੀ ਪਾਣੀ ਪਹੁੰਚਾਉਣਾ, 90 ਫੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਦੇਣਾ ਅਤੇ ਨੌਜਵਾਨਾਂ ਨੂੰ ਨਿਰੋਲ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦੇਣਾ ਸਾਡੀਆਂ ਮੁੱਖ ਤਰਜੀਹਾਂ ਹਨ। ਅਸੀਂ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਇਨਕਲਾਬ ਜ਼ਿੰਦਾਬਾਦ।”
ਲੋਕ ਮਿਲਣੀ ਪ੍ਰੋਗਰਾਮ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਵਿਰੋਧੀ ਪਾਰਟੀਆਂ ਲਾੜੇ ਤੋਂ ਬਿਨਾਂ ਜੰਝ ਵਾਂਗ ਹਨ। ਹਾਲਾਂਕਿ ਇਹ ਸੱਤਾ ਲਈ ਲੜ ਰਹੇ ਹਨ, ਪਰ ਇਹਨਾਂ ਕੋਲ ਕੋਈ ਇੱਕ ਵੀ ਆਗੂ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹੀ ਤਿੰਨ-ਚਾਰ ਧੜਿਆਂ ਵਿੱਚ ਵੰਡਿਆ ਜਾ ਚੁੱਕਾ ਹੈ, ਜਦਕਿ ਕਾਂਗਰਸੀ ਆਗੂ ਇੱਕ ਦੂਜੇ ਦੀ ਸ਼ਕਲ ਦੇਖਣਾ ਪਸੰਦ ਨਹੀਂ ਕਰਦੇ। ਇਹ ਸੱਤਾ ਦੇ ਭੁੱਖੇ ਨੇਤਾ ਸਿਰਫ ਸੂਬੇ ਦੀ ਦੌਲਤ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੇ ਹਨ, ਪਰ ਪੰਜਾਬ ਦੇ ਸੂਝਵਾਨ ਲੋਕ ਅਜਿਹਾ ਕਦੇ ਨਹੀਂ ਹੋਣ ਦੇਣਗੇ।”
ਅਕਾਲੀ ਦਲ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਸੁਖਬੀਰ ਸਿੰਘ ਬਾਦਲ ਕਾਨਵੈਂਟ ਸਕੂਲ ਦੇ ਪੜ੍ਹੇ-ਲਿਖੇ ਰਾਜਨੇਤਾ ਹਨ, ਜਿਨ੍ਹਾਂ ਨੂੰ ਸੂਬੇ ਦੇ ਬੁਨਿਆਦੀ ਭੂਗੋਲ ਦਾ ਵੀ ਗਿਆਨ ਨਹੀਂ ਹੈ, ਫਿਰ ਵੀ ਉਹ ਇੱਥੇ ਰਾਜਨੀਤਿਕ ਸੱਤਾ ਹਾਸਲ ਕਰਨਾ ਚਾਹੁੰਦੇ ਹਨ। ਬਾਕੀ ਸਭ ਛੱਡੋ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੂਬੇ ਦੀਆਂ ਮੁੱਖ ਫ਼ਸਲਾਂ ਵਿੱਚ ਵੀ ਫ਼ਰਕ ਨਹੀਂ ਕਰ ਸਕਦੇ ਕਿਉਂਕਿ ਉਨ੍ਹਾਂ ਨੂੰ ਪੰਜਾਬ ਦੇ ਬੁਨਿਆਦੀ ਮੁੱਦਿਆਂ ਦੀ ਬਹੁਤ ਘੱਟ ਸਮਝ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਨਸ਼ੇ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਦੀਆਂ ਪੀੜ੍ਹੀਆਂ ਦਾ ਨਾ ਪੂਰਿਆ ਜਾਣ ਵਾਲਾ ਨੁਕਸਾਨ ਕੀਤਾ ਹੈ। ਉਨ੍ਹਾਂ ਕਿਹਾ, “ਇਨ੍ਹਾਂ ਨੇਤਾਵਾਂ ਨੇ ਨਾ ਸਿਰਫ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕੀਤੀ, ਸਗੋਂ ਰਿਪੋਰਟਾਂ ਅਨੁਸਾਰ ਨਸ਼ਾ ਵੇਚਣ ਜਾਂ ਵੰਡਣ ਲਈ ਸਰਕਾਰੀ ਗੱਡੀਆਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਦੀ ਵਰਤੋਂ ਕਰਕੇ ਹਰ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਨਾ-ਬਖਸ਼ਣਯੋਗ ਗੁਨਾਹ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਨ੍ਹਾਂ ਤਾਕਤਾਂ ਨਾਲ ਮਿਲੇ ਹੋਏ ਹਨ ਜੋ ਸਿੱਖ ਪੰਥ ਤੇ ਪੰਜਾਬ ਦੀਆਂ ਵਿਰੋਧੀ ਹਨ। ਕਾਂਗਰਸ, ਭਾਜਪਾ ਅਤੇ ਅਕਾਲੀ ਮੇਰੇ ਖਿਲਾਫ ਇੱਕਜੁੱਟ ਹੋ ਗਏ ਹਨ ਕਿਉਂਕਿ ਉਹ ਮੇਰੀ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਪਹਿਲਕਦਮੀਆਂ ਤੋਂ ਖਾਰ ਖਾਂਦੇ ਹਨ।”
ਆਪਣੀ ਸਰਕਾਰ ਵੱਲੋਂ ਸਿੰਚਾਈ ਖੇਤਰ ਵਿੱਚ ਲਿਆਂਦੇ ਬਦਲਾਅ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਸੂਬੇ ਭਰ ਵਿੱਚ ਨਹਿਰੀ ਪਾਣੀ ਦੀ ਵਰਤੋਂ ਵਿੱਚ ਚੋਖਾ ਵਾਧਾ ਕੀਤਾ ਹੈ। “ਸਾਲ 2022 ਵਿੱਚ ਸੂਬਾ ਆਪਣੇ ਨਹਿਰੀ ਪਾਣੀ ਦਾ ਸਿਰਫ਼ 22 ਫੀਸਦੀ ਵਰਤ ਰਿਹਾ ਸੀ, ਪਰ ਅੱਜ ਇਹ ਅੰਕੜਾ 88 ਫੀਸਦੀ ਨੂੰ ਪਾਰ ਕਰ ਗਿਆ ਹੈ। ਪੰਜਾਬ ਦੇ ਕਈ ਹਿੱਸਿਆਂ ਵਿੱਚ ਲੋਕਾਂ ਨੇ 80 ਸਾਲਾਂ ਵਿੱਚ ਪਹਿਲੀ ਵਾਰ ਨਹਿਰੀ ਪਾਣੀ ਦੇਖਿਆ ਹੈ। ਉਨ੍ਹਾਂ ਕਿਹਾ, “ਪਹਿਲਾਂ ਲੋਕਾਂ ਨੂੰ ਪਾਣੀ ਲਈ ਬੋਰਵੈੱਲਾਂ ‘ਤੇ ਨਿਰਭਰ ਰਹਿਣਾ ਪੈਂਦਾ ਸੀ, ਪਰ ਹੁਣ ਉਹ ਦਿਨ ਚਲੇ ਗਏ ਹਨ। ਕੇਂਦਰੀ ਮੰਤਰਾਲੇ ਦੀ ਰਿਪੋਰਟ ਅਨੁਸਾਰ, ਸੂਬਾ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਸਦਕਾ ਪੰਜਾਬ ਦਾ ਧਰਤੀ ਹੇਠਲਾ ਪਾਣੀ ਚਾਰ ਮੀਟਰ ਉੱਪਰ ਆਇਆ ਹੈ।”
ਉਨ੍ਹਾਂ ਕਿਹਾ, “ਸੂਬਾ ਹੁਣ ਧਰਤੀ ਹੇਠਲੇ ਪਾਣੀ ਦੀ ਘੱਟ ਅਤੇ ਨਹਿਰੀ ਪਾਣੀ ਦੀ ਵੱਧ ਵਰਤੋਂ ਕਰ ਰਿਹਾ ਹੈ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ 100 ਫੀਸਦੀ ਦੇ ਅੰਕੜੇ ਨੂੰ ਛੂਹ ਲਵੇਗਾ। ਮੇਰੀ ਸਰਕਾਰ ਪੰਜਾਬ ਦਾ ਪਾਣੀ ਹਰਿਆਣਾ ਜਾਂ ਰਾਜਸਥਾਨ ਨੂੰ ਨਹੀਂ ਦੇਵੇਗੀ। ਪੰਜਾਬ ਨੂੰ ਪਹਿਲਾਂ ਬਹੁਤ ਲੁੱਟਿਆ ਗਿਆ, ਪਰ ਹੁਣ ਉਹ ਦਿਨ ਖ਼ਤਮ ਹੋ ਗਏ ਹਨ।”
