ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

author
0 minutes, 6 seconds Read

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ, ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਤੋਂ ਬਾਅਦ ਸਿਆਸੀ ਸੱਤਾ ਹਾਸਲ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਅਮਲੋਹ ਹਲਕੇ ਦੇ ਪਿੰਡ ਸ਼ਮਸਪੁਰ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਜਨਤਾ ਦੀ ਭਲਾਈ ਜਾਂ ਕਿਸੇ ਸਾਂਝੀ ਵਿਚਾਰਧਾਰਾ ਲਈ ਨਹੀਂ, ਸਗੋਂ ਉਸ ਸਿਆਸਤ ਨੂੰ ਸੁਰਜੀਤ ਕਰਨ ਲਈ ਕੀਤਾ ਜਾ ਰਿਹਾ ਹੈ, ਜਿਸ ਨੇ ਨਸ਼ਿਆਂ ਦੀ ਪੁਸ਼ਤਪਨਾਹੀ, ਕਿਸਾਨ ਵਿਰੋਧੀ ਨੀਤੀਆਂ ਅਤੇ ਪਾੜੋ ਤੇ ਰਾਜ ਕਰੋ ਦੇ ਏਜੰਡਿਆਂ ਰਾਹੀਂ ਪੰਜਾਬ ਦਾ ਨੁਕਸਾਨ ਕੀਤਾ ਸੀ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ ਭਾਜਪਾ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕਾਂਗਰਸ ਅੰਦਰੂਨੀ ਕਲੇਸ਼ ਅਤੇ ਲੀਡਰਸ਼ਿਪ ਦੀਆਂ ਨਿੱਜੀ ਇੱਛਾਵਾਂ ਦੀ ਭੇਟ ਚੜ੍ਹ ਚੁੱਕੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਲੋਕ ਭਲਾਈ ਦੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ 2022 ਵਿੱਚ ਇਮਾਨਦਾਰ ਸ਼ਾਸਨ ਅਤੇ ਵਿਕਾਸ ਨੂੰ ਚੁਣਿਆ ਅਤੇ ਉਹ ਹੁਣ ਲੁੱਟ-ਖਸੁੱਟ, ਧੋਖਾਧੜੀ ਤੇ ਨਿੱਜੀ ਹਿੱਤਾਂ ਦੀ ਰਾਜਨੀਤੀ ਨੂੰ ਦੁਬਾਰਾ ਭਾਰੂ ਨਹੀਂ ਹੋਣ ਦੇਣਗੇ।

ਇਕੱਠ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ, “ਪੰਜਾਬੀ ਪਹਿਲਾਂ ਹੀ ਰਵਾਇਤੀ ਪਾਰਟੀਆਂ ਨੂੰ ਨਕਾਰ ਚੁੱਕੇ ਹਨ ਅਤੇ ਉਹ ਅਜਿਹੇ ਮੌਕਾਪ੍ਰਸਤ ਸਿਆਸੀ ਸਮਝੌਤਿਆਂ ਰਾਹੀਂ ਉਨ੍ਹਾਂ ਨੂੰ ਵਾਪਸ ਨਹੀਂ ਆਉਣ ਦੇਣਗੇ, ਜੋ ਨਾ ਤਾਂ ਕਿਸੇ ਵਿਚਾਰਧਾਰਾ ਅਤੇ ਨਾ ਹੀ ਜਨਤਾ ਦੀ ਭਲਾਈ ਦੇ ਹੱਕ ਵਿੱਚ ਹਨ।”

ਅਕਾਲੀ ਦਲ ਅਤੇ ਭਾਜਪਾ ਦੇ ਉੱਭਰ ਰਹੇ ਗਠਜੋੜ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ-ਭਾਜਪਾ ਗਠਜੋੜ ਦੋਵਾਂ ਪਾਰਟੀਆਂ ਲਈ ਘਾਤਕ ਸਾਬਤ ਹੋਵੇਗਾ ਕਿਉਂਕਿ ਇਹ ਕਿਸੇ ਵਿਚਾਰਧਾਰਾ ਜਾਂ ਲੋਕ ਭਲਾਈ ਦੇ ਸਰੋਕਾਰ ‘ਤੇ ਅਧਾਰਤ ਨਹੀਂ ਹੈ। ਇਸ ਦਾ ਇੱਕੋ ਇੱਕ ਉਦੇਸ਼ ਪੰਜਾਬ ਵਿੱਚ ਸੱਤਾ ਹਥਿਆਉਣਾ ਹੈ। ਦੋਵਾਂ ਪਾਰਟੀਆਂ ਦੇ ਆਗੂਆਂ ਨੇ ਸਾਲਾਂਬੱਧੀ ਇੱਕ-ਦੂਜੇ ‘ਤੇ ਹਮਲੇ ਕੀਤੇ ਅਤੇ ਜ਼ਹਿਰ ਉਗਲਿਆ ਹੈ। ਹੁਣ ਉਹ ਲੋਕਾਂ ਨੂੰ ਦੱਸਣ ਕਿ ਉਹ ਕਿਸ ਮੂੰਹ ਨਾਲ ਜਨਤਾ ਤੋਂ ਸਮਰਥਨ ਮੰਗਣਗੇ। ਪੰਜਾਬੀ ਅਜਿਹੇ ਸਿਆਸੀ ਡਰਾਮਿਆਂ ਦੇ ਛਲਾਵੇ ਵਿੱਚ ਨਹੀਂ ਆਉਣਗੇ ਅਤੇ ਉਨ੍ਹਾਂ ਨੂੰ ਕਰਾਰਾ ਸਬਕ ਸਿਖਾਉਣਗੇ।”

ਭਾਜਪਾ ਨੂੰ ਨਿਸ਼ਾਨੇ ‘ਤੇ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਜਪਾ ਨੇ ਹਮੇਸ਼ਾ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਦਰਸ਼ਨ ਕੀਤਾ ਹੈ ਅਤੇ ਵਾਰ-ਵਾਰ ਪੰਜਾਬ ਨਾਲ ਵਿਤਕਰਾ ਕੀਤਾ ਹੈ, ਜਿਸ ਨਾਲ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਖ਼ਤਰੇ ਵਿੱਚ ਪਾਇਆ ਗਿਆ। ਭਾਜਪਾ ਵੱਲੋਂ ਥੋਪੇ ਗਏ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੌਰਾਨ 700 ਤੋਂ ਵੱਧ ਕਿਸਾਨਾਂ ਦੀ ਜਾਨ ਗਈ। ਇਸ ਪਾਰਟੀ ਨੇ ਲਗਾਤਾਰ ਪੰਜਾਬ ਨਾਲ ਬੇਇਨਸਾਫ਼ੀ ਕੀਤੀ ਹੈ ਅਤੇ ਹੁਣ ਧਰਮ ਦੇ ਨਾਂ ‘ਤੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ।”

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ‘ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰੀ ਏਜੰਸੀਆਂ ਲਗਾਤਾਰ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰ ਰਹੀਆਂ ਹਨ ਅਤੇ ਲੋਕਾਂ ‘ਤੇ ਭਗਵਾ ਪਾਰਟੀ ਦਾ ਸਮਰਥਨ ਕਰਨ ਲਈ ਦਬਾਅ ਪਾਉਣ ਅਤੇ ਡਰਾਉਣ-ਧਮਕਾਉਣ ਲਈ ਵਰਤੀਆਂ ਜਾ ਰਹੀਆਂ ਹਨ। ਸਿਆਸੀ ਵਿਰੋਧੀਆਂ ਅਤੇ ਇੱਥੋਂ ਤੱਕ ਕਿ ਛੋਟੇ ਵਪਾਰੀਆਂ ਨੂੰ ਵੀ ਪਾਰਟੀ ਹਿੱਤਾਂ ਲਈ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਅਜਿਹੇ ਹੱਥਕੰਡਿਆਂ ਰਾਹੀਂ ਵਿਰੋਧੀਆਂ ਨੂੰ ਨਿਸ਼ਾਨਾ ਬਣਾ ਕੇ ਭਾਜਪਾ ਜਮਹੂਰੀ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਪੰਜਾਬ ਅਜਿਹੀਆਂ ਕਾਰਵਾਈਆਂ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ।”

ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਨਸ਼ਿਆਂ ਦੇ ਮੁੱਦੇ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾਰਟੀ ਨੇ ਵਾਰ-ਵਾਰ ਗੁਰਬਾਣੀ ਦੇ ਨਾਂ ‘ਤੇ ਵੋਟਾਂ ਮੰਗੀਆਂ ਪਰ ਜਦੋਂ ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਈ ਤਾਂ ਇਹ ਆਗੂ ਗੁਰਬਾਣੀ ਦੀ ਪਵਿੱਤਰਤਾ ਦੀ ਰਾਖੀ ਕਰਨ ਵਿੱਚ ਨਾਕਾਮ ਰਹੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ਨੇ ਗੁਰਬਾਣੀ ਦੇ ਨਾਂ ‘ਤੇ ਵੋਟਾਂ ਮੰਗੀਆਂ ਪਰ ਇਸ ਦੀ ਪਵਿੱਤਰਤਾ ਨੂੰ ਬਰਕਰਾਰ ਰੱਖਣ ਵਿੱਚ ਅਸਫ਼ਲ ਰਹੇ। ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਵਾਰ-ਵਾਰ ਹਵਾਲਾ ਦੇਣ ਦੇ ਬਾਵਜੂਦ ਉਨ੍ਹਾਂ ਦੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਅਜਿਹੀਆਂ ਘਟਨਾਵਾਂ ਵਾਪਰੀਆਂ, ਜਿਨ੍ਹਾਂ ਨੇ ਪੰਜਾਬੀਆਂ ਦੇ ਹਿਰਦੇ ਵਲੂੰਧਰ ਦਿੱਤੇ। ਜਿਹੜੇ ਲੋਕ ਆਪਣੇ ਕਾਰਜਕਾਲ ਦੌਰਾਨ ਵਿਕਾਸ ਦੀਆਂ ਗੱਲਾਂ ਕਰਦੇ ਹਨ, ਉਹ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਦਰਦਨਾਕ ਘਟਨਾਵਾਂ ਨੂੰ ਆਸਾਨੀ ਨਾਲ ਭੁੱਲ ਜਾਂਦੇ ਹਨ, ਜਿੱਥੇ ਮਾਸੂਮ ਜਾਨਾਂ ਗਈਆਂ ਸਨ।”

ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਕਾਲੀ ਸਰਕਾਰ ਵੇਲੇ ਦੇ ਵਿਕਾਸ ਦੀਆਂ ਗੱਲਾਂ ਕਰਦੇ ਹਨ ਪਰ ਕੋਟਕਪੂਰਾ, ਬਹਿਬਲ ਕਲਾਂ ਅਤੇ ਹੋਰ ਘਟਨਾਵਾਂ ਵੱਲੋਂ ਅੱਖਾਂ ਮੀਟ ਲੈਂਦੇ ਹਨ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ ਅਤੇ ਬੇਕਸੂਰ ਲੋਕਾਂ ਦੀਆਂ ਜਾਨਾਂ ਗਈਆਂ। ਅਕਾਲੀਆਂ ਨੂੰ ਪੀੜ੍ਹੀਆਂ ਬਰਬਾਦ ਕਰਨ ਲਈ ਜਵਾਬਦੇਹ ਠਹਿਰਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਦੇ ਲੰਮੇ ਕੁਸ਼ਾਸਨ ਦੌਰਾਨ ਨਸ਼ਿਆਂ ਦਾ ਕਾਰੋਬਾਰ ਵਧਿਆ-ਫੁੱਲਿਆ।”

Similar Posts

Leave a Reply

Your email address will not be published. Required fields are marked *