ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਵਿਖੇ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਅੱਜ ਆਸਟਰੇਲੀਆ ਖ਼ਿਲਾਫ਼ ਇਤਿਹਾਸਕ ਜਿੱਤ ਦਰਜ ਕਰਨ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
ਅਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਨੇ 52 ਸਾਲਾਂ ਦੇ ਵਕਫ਼ੇ ਤੋਂ ਬਾਅਦ ਆਸਟਰੇਲੀਆਈ ਟੀਮ ਨੂੰ ਹਰਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਾਰਤ ਨੇ ਆਸਟਰੇਲੀਆ ਨੂੰ 3-2 ਨਾਲ ਪਛਾੜਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਪਤਾਨ ਹਰਮਨਪ੍ਰੀਤ ਸਿੰਘ ਨੇ ਇਸ ਅਹਿਮ ਮੈਚ ਵਿੱਚ ਦੋ ਗੋਲ ਕਰਕੇ ਟੀਮ ਲਈ ਜਿੱਤ ਯਕੀਨੀ ਬਣਾਈ ਹੈ।
ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੁੱਚੀ ਟੀਮ ਨੇ ਆਸਟ੍ਰੇਲੀਆ ਖਿਲਾਫ਼ ਇਸ ਸ਼ਾਨਦਾਰ ਜਿੱਤ ਨਾਲ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਉਨ੍ਹਾਂ ਨੇ ਭਾਰਤੀ ਟੀਮ ਨੂੰ ਨਾਕ ਆਊਟ ਮੈਚਾਂ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਭਾਰਤੀ ਟੀਮ ਦੇਸ਼ ਲਈ ਤਮਗਾ ਜ਼ਰੂਰ ਜਿੱਤੇਗੀ।