ਪਿਛਲੇ ਦੋ ਦਿਨਾਂ ਤੋਂ ਦੇਸ਼ ਭਰ ਦੇ ਸਰਕਾਰੀ ਹਸਪਤਾਲਾਂ ’ਚ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਵਲੋਂ ਸੱਦੀ ਹੜਤਾਲ ਖ਼ਤਮ ਕਰ ਦਿਤੀ ਗਈ ਹੈ। ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਮੰਗਲਵਾਰ ਦੇਰ ਸ਼ਾਮ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਤੋਂ ਬਾਅਦ ਡਾਕਟਰਾਂ ਵਲੋਂ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਵਾਪਸ ਲੈ ਲਿਆ ਹੈ,ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਮੁਲਾਕਾਤ ਤੋਂ ਬਾਅਦ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਵਿਰਲ ਮਾਥੁਰ ਨੇ ਕਿਹਾ, ‘‘ਅਸੀਂ ਕੇਂਦਰੀ ਮੰਤਰੀ ਜੇ.ਪੀ. ਨੱਡਾ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ ਅਤੇ ਅਪਣੀਆਂ ਮੁੜ ਤਿਆਰ ਕੀਤੀਆਂ ਮੰਗਾਂ ਪੇਸ਼ ਕੀਤੀਆਂ। ਉਨ੍ਹਾਂ ਸਾਨੂੰ ਭਰੋਸਾ ਦਿਤਾ ਕਿ ਉਹ ਡਾਕਟਰਾਂ ਲਈ ਕੰਮ ਕਰਨ ਦਾ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਗੇ। ਉਨ੍ਹਾਂ ਨੇ ਸਾਨੂੰ ਭਰੋਸਾ ਦਿਤਾ ਹੈ ਕਿ ਸਾਡੀਆਂ ਮੰਗਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕੀਤਾ ਜਾਵੇਗਾ। ਇਕ ਕਮੇਟੀ ਬਣਾਈ ਜਾਵੇਗੀ ਅਤੇ ਅਸੀਂ ਇਸ ਦਾ ਹਿੱਸਾ ਬਣਾਂਗੇ। ਸਾਡੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ, ਇਸ ਲਈ ਫੋਰਡਾ ਹੜਤਾਲ ਖਤਮ ਕਰ ਰਹੀ ਹੈ।’’