ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਮੌਕੇ ਰਾਜ ਪੱਧਰੀ ਸਮਾਗਮ

0 minutes, 1 second Read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ ਕੀਤਾ ਤਾਂ ਕਿ ਭਗਤੀ ਅੰਦੋਲਨ ਦੇ ਮਹਾਨ ਸੰਤ ਦੇ ਜੀਵਨ ਤੇ ਫਲਸਫੇ ਉਤੇ ਵਿਆਪਕ ਖੋਜ ਕੀਤੀ ਜਾ ਸਕੇ।

ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਗਤ ਕਬੀਰ ਜੀ ਦੇ ਆਦਰਸ਼ਾਂ ‘ਤੇ ਚੱਲ ਕੇ ਏਕਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ। 

ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ ‘ਤੇ ਸਹੀ ਮਾਅਨਿਆਂ ‘ਚ ਅਮਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜਿਨ੍ਹਾਂ ਰਾਹੀਂ ਪ੍ਰੇਮ, ਸ਼ਾਂਤੀ, ਸਦਭਾਵਨਾ ਦਾ ਸਦੀਵੀ ਸੰਦੇਸ਼ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਦਾ ਮੁਢਲਾ ਜੀਵਨ ਇੱਕ ਮੁਸਲਿਮ ਪਰਿਵਾਰ ਵਿੱਚ ਬੀਤਿਆ ਸੀ ਪਰ ਉਹ ਹਿੰਦੂ ਸੰਤ ਰਾਮਾਨੰਦ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉੱਤੇ ਡੂੰਘਾ ਪ੍ਰਭਾਵ ਪਿਆ। 

ਲੋਕਾਂ ਨੂੰ ਮਹਾਨ ਸੰਤ ਦੇ ਆਦਰਸ਼ਾਂ ਉਤੇ ਚੱਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਸਤਾ ਸਦਭਾਵਨਾ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

Similar Posts

Leave a Reply

Your email address will not be published. Required fields are marked *