ਗੁਰਮੀਤ ਸਿੰਘ ਖੁੱਡੀਆਂ ਨੇ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

0 minutes, 0 seconds Read

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ ਨਵੇਂ ਭਰਤੀ ਹੋਏ ਅੱਠ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿੱਚ ਤਿੰਨ ਲੈਬ ਟੈਕਨੀਸ਼ੀਅਨਾਂ ਅਤੇ ਦੋ ਕਲਰਕਾਂ ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ। ਇਨ੍ਹਾਂ ਦੋਵਾਂ ਕਲਰਕਾਂ ਨੂੰ ਤਰਸ ਦੇ ਆਧਾਰ ’ਤੇ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੱਛੀ ਪਾਲਣ ਵਿਭਾਗ ਵਿੱਚ ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਵੀ ਨਿਯੁਕਤੀ ਪੱਤਰ ਦਿੱਤੇ ਗਏ ਹਨ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਪੂਰੀ ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਨਿਭਾਉਣ ਲਈ ਕਿਹਾ ਕਿਉਂਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਨੀਤੀ ਵਿੱਚ ਇਮਾਨਦਾਰੀ, ਕਾਰਜਕੁਸ਼ਲਤਾ ਅਤੇ ਪਾਰਦਰਸ਼ਤਾ ਨੂੰ ਪ੍ਰਮੁੱਖ ਤਰਜੀਹ ਦਿੱਤੀ ਗਈ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਬਣਨ ਤੋਂ ਬਾਅਦ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਮੈਰਿਟ ਦੇ ਆਧਾਰ ‘ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।
ਇਸ ਮੌਕੇ ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ, ਡਾਇਰੈਕਟਰ ਮੱਛੀ ਪਾਲਣ ਜਸਵੀਰ ਸਿੰਘ, ਸਹਾਇਕ ਡਾਇਰੈਕਟਰ ਮੱਛੀ ਪਾਲਣ ਬ੍ਰਿਜ ਭੂਸ਼ਣ ਗੋਇਲ ਤੇ ਸਤਿੰਦਰ ਕੌਰ, ਡਿਪਟੀ ਡਾਇਰੈਕਟਰ ਖੇਤੀਬਾੜੀ ਗੁਰਮੇਲ ਸਿੰਘ ਤੋਂ ਇਲਾਵਾ ਇਨ੍ਹਾਂ ਦੋਵਾਂ ਵਿਭਾਗਾਂ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Similar Posts

Leave a Reply

Your email address will not be published. Required fields are marked *