ਮੁੱਖ ਸਕੱਤਰ ਨੂੰ ਸਦਮਾ, ਪਿਤਾ ਦਾ ਦੇਹਾਂਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਚੰਡੀਗੜ੍ਹ ਵਿਖੇ ਸੰਖੇਪ ਬਿਮਾਰੀ ਉਪਰੰਤ ਚੱਲ ਵਸੇ। ਉਹ 89 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ ਦੋ ਪੁੱਤਰ ਛੱਡ ਗਏ ਹਨ।

ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋ. ਬੀ.ਸੀ. ਵਰਮਾ ਦੇ ਤੁਰ ਜਾਣ ਨਾਲ ਸਮੁੱਚੇ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ। ਭਗਵੰਤ ਸਿੰਘ ਮਾਨ ਨੇ ਪ੍ਰੋਫੈਸਰ ਵਰਮਾ ਨੂੰ ਉੱਘੇ ਸਿੱਖਿਆ ਸ਼ਾਸਤਰੀ ਦੱਸਿਆ ਜੋ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਉਹ ਇਕ ਮਹਾਨ ਸ਼ਖਸੀਅਤ ਅਤੇ ਵਿਲੱਖਣ ਗੁਣਾਂ ਵਾਲੇ ਇਨਸਾਨ ਸਨ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਬੀ.ਸੀ. ਵਰਮਾ ਵੱਲੋਂ ਦਿਖਾਏ ਮਾਰਗ ਸਦਕਾ ਸਮੁੱਚੇ ਪਰਿਵਾਰ ਨੇ ਆਪਣੇ ਜੀਵਨ ਵਿੱਚ ਬੁਲੰਦੀਆਂ ਨੂੰ ਛੂਹਿਆ ਅਤੇ ਸਮਰਪਿਤ ਹੋ ਕੇ ਮਿਸ਼ਨਰੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰ ਰਿਹਾ ਹੈ।

ਦੁਖੀ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।     

Leave a Reply

Your email address will not be published. Required fields are marked *