ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ‘ਆਪ’ ਨੇ ਜਲੰਧਰ ਪੱਛਮੀ ‘ਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਦਿੱਤਾ ਹੈ। ਬੁੱਧਵਾਰ ਨੂੰ ਕਾਂਗਰਸ ਤੇ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਪਾਰਟੀ ਛੱਡ ਕੇ ‘ਆਪ’ ‘ਚ ਸ਼ਾਮਲ ਹੋ ਗਏ।
ਕਾਂਗਰਸ ਦੇ ਕੌਂਸਲਰ ਤਰਸੇਮ ਲਖੋਤਰਾ, ਅਨਮੋਲ ਗ੍ਰੋਵਰ ਅਤੇ ਸੀਨੀਅਰ ਕਾਂਗਰਸੀ ਲੀਡਰ ਕਮਲ ਲੋਚ ਆਪਣੇ ਸਾਥੀਆਂ ਸਮੇਤ ‘ਆਪ’ ‘ਚ ਸ਼ਾਮਿਲ ਹੋ ਗਏ।
ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਭਾਜਪਾ ਨੂੰ ਵੀ ਵੱਡਾ ਝਟਕਾ ਦਿੱਤਾ ਹੈ। ਵਾਰਡ ਨੰਬਰ 40 ਤੋਂ ਭਾਜਪਾ ਦੇ ਸੀਨੀਅਰ ਆਗੂ ਵਿਰੇਸ਼ ਮਿੰਟੂ ਵੀ ਆਪ ‘ਚ ਸ਼ਾਮਿਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਨੇ ਰਸਮੀ ਤੌਰ ‘ਤੇ ਸਾਰੇ ਆਗੂਆਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਵਿਚ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਆਪਣੇ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਜਲੰਧਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਡੱਟ ਕੇ ਖੜੇ ਹਨ। ਉਨ੍ਹਾਂ ਕਿਹਾ ਕਿ ਇਹ ਚੋਣ ਨਹੀਂ ਹੋਣੀ ਸੀ, ਪਰ ਪਿਛਲਾ ਵਿਧਾਇਕ ਦਲ ਬਦਲੂ ਤੇ ਲਾਲਚੀ ਨਿਕਲਿਆ ਅਤੇ ਉਸ ਨੇ ਲੋਕਾਂ ਨਾਲ ਧੋਖਾ ਕੀਤਾ। ਜਿਸ ਦੀ ਵਜ੍ਹਾ ਕਰਕੇ ਅੱਜ ਪੰਜਾਬ ਸਰਕਾਰ ਦੇ ਖ਼ਜ਼ਾਨੇ ਵਿਚੋਂ ਕਰੋੜਾਂ ਰੁਪਏ ਇਸ ਚੋਣ ਉੱਤੇ ਖ਼ਰਚ ਹੋ ਰਹੇ ਹਨ। ਉਨ੍ਹਾਂ ਨੇ ਭਰੋਸਾ ਜਤਾਇਆ ਕਿ ਜਲੰਧਰ ਪੱਛਮੀ ਦੇ ਲੋਕ ਆਪ ਉਮੀਦਵਾਰ ਮੋਹਿੰਦਰ ਭਗਤ ਨੂੰ ਭਾਰੀ ਵੋਟਾਂ ਨਾਲ ਜਿੱਤਾ ਕੇ ਧੋਖੇਬਾਜ਼ਾਂ ਨੂੰ ਇਸ ਧੋਖਾਧੜੀ ਦਾ ਠੋਕਵਾਂ ਜਵਾਬ ਦੇਣਗੇ ।