ਇਕ ਵੀਡੀਓ ਵਿੱਚ ਭੀੜ ਵੱਲੋਂ ਸਰਕਾਰੀ ਕਰਮਚਾਰੀ ਨੂੰ ਪਰਾਲੀ ਸਾੜਨ ਲਈ ਮਜਬੂਰ ਕਰਨ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਸ ਘਿਨਾਉਣੇ ਜੁਰਮ ਨੂੰ ਅੰਜ਼ਾਮ ਦੇਣ ਵਾਲਿਆਂ ਖਿਲਾਫ਼ ਐਫ.ਆਈ.ਆਰ. ਦਰਜ ਕਰਨ ਦੇ ਹੁਕਮ ਦਿੱਤੇ ਹਨ।
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਸੂਬੇ ਦੇ ਲੋਕਾਂ ਖਿਲਾਫ ਅਣਮਨੁੱਖੀ ਕਾਰਾ ਦੱਸਿਆ। ਗੁਰਬਾਣੀ ਦੀ ਤੁਕ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਗੁਰੂ ਸਾਹਿਬਾਨ ਨੇ ਹਵਾ (ਪਵਨ) ਨੂੰ ਗੁਰੂ, ਪਾਣੀ (ਪਾਣੀ) ਨੂੰ ਪਿਤਾ ਅਤੇ ਜ਼ਮੀਨ (ਧਰਤ) ਨੂੰ ਮਾਤਾ ਦਾ ਦਰਜਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਘਟਨਾ ਤੋਂ ਪਤਾ ਲਗਦਾ ਹੈ ਕਿ ਸੂਬੇ ਵਿੱਚ ਲੋਕਾਂ ਵੱਲੋਂ ਮਹਾਨ ਗੁਰੂਆਂ ਦੇ ਸੰਦੇਸ਼ ਦਾ ਸਤਿਕਾਰ ਨਹੀਂ ਕੀਤਾ ਜਾ ਰਿਹਾ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬਾ ਸਰਕਾਰ ਇਸ ਘਿਨਾਉਣੀ ਘਟਨਾ ਦੇ ਵਾਪਰਨ ’ਤੇ ਮੂਕ ਦਰਸ਼ਕ ਬਣ ਕੇ ਨਹੀਂ ਬੈਠ ਸਕਦੀ ਅਤੇ ਨਾ ਹੀ ਅਰਾਜਕਤਾ ਫੈਲਾਉਣ ਦੀ ਇਜਾਜ਼ਤ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਅਧਿਕਾਰੀ ਖੇਤਾਂ ਵਿੱਚ ਪਰਾਲੀ ਨਾ ਸਾੜਨ ਦਾ ਸੰਦੇਸ਼ ਲੈ ਕੇ ਗਿਆ ਸੀ ਪਰ ਉਥੇ ਜੁੜੀ ਭੀੜ ਨੇ ਅਧਿਕਾਰੀ ਦੇ ਹੱਥ ਵਿੱਚ ਸੀਖਾਂ ਦੀ ਡੱਬੀ ਫੜਾ ਕੇ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕੀਤਾ ਜਿਸ ਨੂੰ ਕਿਸੇ ਵੀ ਕੀਮਤ ਉਤੇ ਸਹਿਣ ਨਹੀਂ ਕੀਤਾ ਜਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀ ਬੁਜ਼ਦਿਲੀ ਵਾਲੀ ਕਾਰਵਾਈ ਨੂੰ ਅੰਜ਼ਾਮ ਦੇ ਕੇ ਇਹ ਲੋਕ ਆਪਣੇ ਹੀ ਬੱਚਿਆਂ ਦਾ ਜੀਵਨ ਬਰਬਾਦ ਕਰਨ ਦੇ ਰਾਹ ਉਤੇ ਤੁਰੇ ਹੋਏ ਹਨ ਕਿਉਂਕਿ ਇਨ੍ਹਾਂ ਹੀ ਖੇਤਾਂ ਦਾ ਧੂੰਆਂ ਬੱਚਿਆਂ ਦਾ ਦਮ ਘੁੱਟੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਨੂੰ ਇਸ ਮੰਦਭਾਗੀ ਘਟਨਾ ਵਿੱਚ ਸ਼ਾਮਲ ਹੁੱਲੜਬਾਜ਼ ਲੋਕਾਂ ਦੀ ਸ਼ਨਾਖ਼ਤ ਕਰਕੇ ਕੇਸ ਕਰਨ ਲਈ ਆਖਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀ ਆਪੋ-ਧਾਪ ਵਾਲੀ ਅਤੇ ਅਪਰਾਧਿਕ ਘਟਨਾ ਨੂੰ ਕਿਸੇ ਵੀ ਸੂਰਤ ਵਿੱਚ ਸਹਿਣ ਨਹੀਂ ਕੀਤਾ ਜਾ ਸਕਦਾ ਅਤੇ ਜ਼ਿੰਮੇਵਾਰ ਲੋਕਾਂ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅਜਿਹੇ ਅਸੰਵੇਦਨਸ਼ੀਲ ਲੋਕਾਂ ਨੂੰ ਵਾਤਾਵਰਣ ਪਲੀਤ ਕਰਕੇ ਬੱਚਿਆਂ ਦੀਆਂ ਅਨਮੋਲ ਜ਼ਿੰਦਗੀਆਂ ਨਾਲ ਖੇਡਣ ਦੀ ਇਜਾਜ਼ਤ ਨਹੀਂ ਦੇਵੇਗੀ।
5