ਪੰਜਾਬ ਦੇ ਸਿਹਤ ਮੰਤਰੀ ਨੇ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਕੀਤੀ ਪ੍ਰਧਾਨਗੀ

0 minutes, 5 seconds Read

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸੋਮਵਾਰ ਨੂੰ ਸੂਬੇ ਵਿੱਚ ਪਾਣੀ ਅਤੇ ਜੀਵਾਣੂਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ  ਰਾਹੀਂ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਵਿੱਚ ਦਸਤ (ਡਾਇਓਰੀਆ), ਹੈਜ਼ਾ ਅਤੇ ਹੈਪੇਟਾਈਟਸ -ਏ ਸ਼ਾਮਲ ਹਨ, ਜਦੋਂ ਕਿ ਜੀਵਾਣੂਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਵਿੱਚ ਮਲੇਰੀਆ, ਡੇਂਗੂ ਅਤੇ ਚਿਕਨਗੁਨੀਆ ਸ਼ਾਮਲ ਹਨ।

ਮੀਟਿੰਗ ਵਿੱਚ ਸੂਬੇ ਭਰ ਦੇ ਡਿਪਟੀ ਕਮਿਸ਼ਨਰਾਂ, ਸਿਵਲ ਸਰਜਨਾਂ, ਸ਼ਹਿਰੀ ਸਥਾਨਕ ਇਕਾਈਆਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ।

ਅਜਿਹੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਨੂੰ ਸਮੂਹਿਕ ਜ਼ਿੰਮੇਵਾਰੀ ਦੱਸਦੇ ਹੋਏ ਮੰਤਰੀ ਨੇ ਅਧਿਕਾਰੀਆਂ ਨੂੰ ਆਈ.ਐਮ.ਏ  ਮੈਂਬਰਾਂ ਦੇ ਨਾਲ ਮਿਲਕੇ  ਜ਼ਿਲ੍ਹਾ ਪੱਧਰੀ ਅੰਤਰ-ਵਿਭਾਗੀ ਤਾਲਮੇਲ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੱਧਰ ’ਤੇ ਇੱਕ ਵਟਸਐਪ ਗਰੁੱਪ ਬਣਾਇਆ ਜਾਣਾ ਚਾਹੀਦਾ ਹੈ, ਜਿੱਥੇ ਸਬੰਧਤ ਸਿਵਲ ਸਰਜਨ  ਬੁਖਾਰ, ਦਸਤ, ਹੈਜ਼ਾ, ਡੇਂਗੂ ਜਾਂ ਮਲੇਰੀਆ ਵਰਗੀਆਂ ਬਿਮਾਰੀਆਂ ਦੇ ਕੇਸਾਂ ਬਾਬਤ  ਸਬੰਧਤ ਵਿਭਾਗ ਨੂੰ ਅਪਡੇਟ ਕਰਨ ਲਈ ਪੋਸਟ ਪਾਉਣਗੇ ਤਾਂ ਜੋ ਉਹਨਾਂ ਵੱਲੋਂ ਉਸ ਵਿਸ਼ੇਸ਼ ਖੇਤਰ, ਜਿੱਥੋਂ ਅਜਿਹੇ ਕੇਸ ਆ ਰਹੇ ਹਨ, ਵਿੱਚ ਉਚਿਤ ਰੋਕਥਾਮ ਉਪਾਅ ਕਰਨ ਲਈ ਸਮੇਂ ਰਹਿੰਦਿਆਂ ਦਖਲ ਦਿੱਤੀ ਜਾ ਸਕੇ।

 ਮੰਤਰੀ ਨੇ ਅੱਗੇ ਕਿਹਾ ਕਿ ਬਿਮਾਰੀ ਫੈਲਣ ਦੀ ਸਥਿਤੀ ਵਿੱਚ, ਸਬੰਧਤ ਜਲ ਸਪਲਾਈ ਏਜੰਸੀ ਨੂੰ ਫੌਰੀ ਤੌਰ ’ਤੇ ਇਹ ਪਤਾ ਲਗਾਉਣਾ ਚਾਹੀਦਾ ਹੈ  ਕਿ ਪੀਣ ਵਾਲਾ ਪਾਣੀ ਕਿੱਥੇ ਤੇ ਕਿਉਂ ਪ੍ਰਦੂਸ਼ਿਤ ਹੋ ਰਿਹਾ ਹੈ ਅਤੇ ਜਲਦੀ ਤੋਂ ਜਲਦੀ ਇਸ ਸਮੱਸਿਆ ਦਾ ਹੱਲ ਕੀਤਾ ਜਾਣਾ  ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪਾਣੀ ਦੇ ਪ੍ਰਦੂਸ਼ਿਤ ਹੋਣ ਦਾ ਮਸਲਾ ਠੀਕ ਨਹੀਂ ਕੀਤਾ ਜਾਂਦਾ, ਉਦੋਂ ਤੱਕ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਬਦਲਵੇਂ ਸਰੋਤ ਤੋਂ ਕੀਤੀ ਜਾਵੇ ਤਾਂ ਜੋ ਅਜਿਹੇ ਕੇਸਾਂ ਨੂੰ ਹੋਰ ਵਧਣ ਤੋਂ ਰੋਕਿਆ ਜਾ ਸਕੇ।

ਪਿੰਡਾਂ ਵਿੱਚ ਬੰਦ ਪਏ ਆਰ.ਓ ਸਿਸਟਮਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਆਰ.ਓਜ਼ ਦੀ ਲੋੜੀਂਦੀ ਮੁਰੰਮਤ ਉਪਰੰਤ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਚਾਲੂ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਾਇਆ ਜਾ ਸਕੇ।

 ਉਨ੍ਹਾਂ ਕਿਹਾ, “ਜੀਵਾਣੂਆਂ ਕਾਰਨ ਪੈਦਾ ਹੁੰਦੀ ਇਸ ਇਨਫੈਕਸ਼ਨ (ਲਾਗ) ਨੂੰ ਰੋਕਣ ਲਈ  ਲੋਕਾਂ ਦੀ ਸਹਾਇਤਾ ਬਹੁਤ ਲਾਜ਼ਮੀ ਤੇ ਮਹੱਤਵਪੂਰਨ ਹੈ।’’ ਸਿਹਤ ਮੰਤਰੀ ਨੇ ਕਿਹਾ ਕਿ ਪਾਣੀ ਅਤੇ ਜੀਵਾਣੂਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ  ਦੀ ਰੋਕਥਾਮ ਅਤੇ ਨਿਯੰਤਰਣ ਬਾਰੇ ਸਮਾਜ ਵਿੱਚ ਜਾਗਰੂਕਤਾ ਫੈਲਾਉਣ ਦੀ ਬਹੁਤ ਲੋੜ ਹੈ।

 ਉਨ੍ਹਾਂ ਸਕੂਲੀ ਬੱਚਿਆਂ ਨੂੰ ਸਿੱਖਿਅਤ ਕਰਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਮੱਛਰਾਂ ਦੇ ਲਾਰਵੇ ਦੀ ਪਛਾਣ ਕਰਨ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਲਾਰਵੇ ਦੀ ਪਛਾਣ ਸਬੰਧੀ ਜਾਗਰੂਕ ਕਰ ਕੇ ਉਹ ਆਪਣੇ ਚੌਗਿਰਦੇ ਵਿੱਚ ਮੱਛਰਾਂ ਦੀ ਪੈਦਾਵਾਰ ’ਤੇ ਠੱਲ੍ਹ ਪਾਉਣ ਲਈ ਅਹਿਮ ਭੂਮਿਕਾ ਨਿਭਾ ਸਕਦੇ ਹਨ।

ਮੰਤਰੀ ਨੇ ਸੂਬੇ ਵਿੱਚ ’ਡੇਂਗੂ/ਮਲੇਰੀਆ ਮੁਕਤ ਪਿੰਡ’ ਮੁਹਿੰਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਜਿਸ ਤਹਿਤ ਜੇਕਰ ਕੋਈ ਵੀ ਆਸ਼ਾ ਵਰਕਰ ਆਪਣੇ ਪਿੰਡ ਨੂੰ ਡੇਂਗੂ/ਮਲੇਰੀਆ ਮੁਕਤ ਘੋਸ਼ਿਤ ਕਰਦੀ ਹੈ ਤਾਂ ਸਿਹਤ ਵਿਭਾਗ ਵੱਲੋਂ ਉਸ ਨੂੰ ਸਨਮਾਨਿਤ ਕੀਤਾ ਜਾਵੇਗਾ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੀਵਾਣੂਆਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ  ਆਲੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਅਤੇ ਮੱਛਰਾਂ ਤੋਂ ਮੁਕਤ ਰੱਖਣ ਲਈ ਸਾਧਾਰਨ ਉਪਰਾਲੇ ਕੀਤੇ ਜਾ ਸਕਦੇ ਹਨ। ਖੜ੍ਹੇ ਪਾਣੀ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਅਤੇ ਲਾਰਵੇ ਵਾਲੀਆਂ ਥਾਵਾਂ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੈਕਟਰ ਕੰਟਰੋਲ ਪ੍ਰੋਗਰਾਮ ਦੀ ਸਫਲਤਾ ਲੋਕਾਂ ਦੀ ਭਾਗੀਦਾਰੀ ਅਤੇ ਮਾਲਕੀ ’ਤੇ ਨਿਰਭਰ ਹੈ।

ਮੰਤਰੀ ਨੇ ਦੱਸਿਆ ਕਿ ਡੇਂਗੂ ਦੇ ਕੇਸਾਂ ਦੇ ਸੁਚਾਰੂ ਪ੍ਰਬੰਧਨ ਲਈ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਡੇਂਗੂ ਵਾਰਡ ਸਥਾਪਤ ਕੀਤੇ ਗਏ ਹਨ। ਰਾਜ ਵਿੱਚ ਡੇਂਗੂ ਦੀ ਮੁਫ਼ਤ ਜਾਂਚ ਲਈ 47 ਸੈਂਟੀਨੇਲ ਸਰਵੇਲੈਂਸ ਹਸਪਤਾਲ ਸਥਾਪਤ ਕੀਤੇ ਗਏ ਹਨ, ਇਸ ਤੋਂ ਇਲਾਵਾ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਡੇਂਗੂ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਵੀ ਕੀਤਾ ਜਾ ਰਿਹਾ ਹੈ। ਆਮ ਆਦਮੀ ਕਲੀਨਿਕਾਂ ਦੇ ਸਟਾਫ਼ ਅਤੇ ਪੰਚਾਇਤ ਵਿਭਾਗ ਦੇ ਗ੍ਰਾਮ ਸੇਵਕਾਂ ਨੂੰ ਪਾਣੀ ਅਤੇ ਜੀਵਾਣੂਆਂ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਸੁਚੱਜੇ ਰੋਕਥਾਮ ਉਪਾਅ ਕਰਨ ਹਿੱਤ ਸਿਖਲਾਈ ਦਿੱਤੀ ਜਾ ਰਹੀ ਹੈ।

ਸਿਹਤ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਅਤੇ ਕਸਬਿਆਂ ਵਿੱਚ ਨਿਯਮਤ ਵਕਫ਼ਿਆਂ ’ਤੇ ਫੌਗਿੰਗ ਕਰਵਾਈ ਜਾਵੇ ਅਤੇ ਫੌਗਿੰਗ ਦਾ ਸ਼ਡਿਊਲ ਅਗਾਊਂ  ਆਧਾਰ ’ਤੇ ਸਿਹਤ ਵਿਭਾਗ ਨਾਲ ਸਾਂਝਾ ਕੀਤਾ ਜਾਵੇ।

ਇਸ ਮੌਕੇ ਸਹਾਇਕ ਡਾਇਰੈਕਟਰ ਡਾ: ਗਗਨਦੀਪ ਸਿੰਘ ਅਤੇ ਸਟੇਟ ਪ੍ਰੋਗਰਾਮ ਅਫ਼ਸਰ ਡਾ: ਅਰਸ਼ਦੀਪ ਕੌਰ ਵੱਲੋਂ ਇਨ੍ਹਾਂ ਬਿਮਾਰੀਆਂ ਸਬੰਧੀ ਇੱਕ ਵਿਆਪਕ ਪੇਸ਼ਕਾਰੀ ਦਿੱਤੀ ਗਈ, ਜਿਸ ਵਿੱਚ ਪਿਛਲੇ ਸਾਲਾਂ ਦੇ ਤੱਥਾਂ ਦਾ ਡੂੰਘਾਈ ਨਾਲ ਵਿਸ਼ਲੇਸ਼ਣ ਕੀਤਾ ਗਿਆ ਅਤੇ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਦੱਸਿਆ ਗਿਆ।

ਮੀਟਿੰਗ ਦੌਰਾਨ ਐਮਡੀ (ਪੀਐਚਐਸਸੀ ) ਵਰਿੰਦਰ ਸ਼ਰਮਾ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ: ਹਿਤਿੰਦਰ ਕੌਰ ਅਤੇ ਪੀਐਚਐਸਸੀ ਦੇ ਡਾਇਰੈਕਟਰ ਡਾ: ਅਨਿਲ ਗੋਇਲ ਵੀ ਹਾਜ਼ਰ ਸਨ।

Similar Posts

Leave a Reply

Your email address will not be published. Required fields are marked *