ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ: ਮੁੱਖ ਮੰਤਰੀ

0 minutes, 2 seconds Read

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਅਤੇ ਫਲਸਫਾ ਨੌਜਵਾਨਾਂ ਨੂੰ ਹਮੇਸ਼ਾ ਨਿਰਸਵਾਰਥ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

ਮੁੱਖ ਮੰਤਰੀ ਨੇ ਅੱਜ ਇੱਥੇ ‘ਇਕ ਸ਼ਾਮ ਸ਼ਹੀਦਾਂ ਦੇ ਨਾਮ’ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਲਈ ਬੇਸ਼ੁਮਾਰ ਕੁਰਬਾਨੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਦੇ ਮੁਕਾਬਲੇ ਅਸੀਂ ਦੇਸ਼ ਲਈ ਕੁਝ ਨਹੀਂ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਗਰੇਜ਼ਾਂ ਨੇ ਭਾਰਤ ਨੂੰ ਉਨਾ ਨਹੀਂ ਲੁੱਟਿਆ, ਜਿੰਨਾ ਭਾਰਤੀ ਹਾਕਮਾਂ ਨੇ ਆਜ਼ਾਦੀ ਤੋਂ ਬਾਅਦ ਦੇ ਸਮੇਂ ਦੌਰਾਨ ਲੁੱਟਿਆ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਚੀਜ਼ਾਂ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ ਅਤੇ ਸੂਬੇ ਨੂੰ ਦੇਸ਼ ਵਿੱਚ ਮੋਹਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਹੁਦਾ ਸੰਭਾਲਣ ਤੋਂ 18 ਮਹੀਨਿਆਂ ਬਾਅਦ ਉਨ੍ਹਾਂ ਦੀ ਸਰਕਾਰ ਸੂਬੇ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਸਮਝਦਾਰੀ ਨਾਲ ਕਰਨਾ ਚਾਹੀਦਾ ਹੈ ਕਿਉਂਕਿ ਦੇਸ਼ ਦੀ ਉਸਾਰੀ ਦੀ ਜ਼ਿੰਮੇਵਾਰੀ ਸਾਡੇ ਮੋਢਿਆਂ ‘ਤੇ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਛੋਟੀ ਉਮਰ ਵਿੱਚ ਹੀ ਮਾਤ ਭੂਮੀ ਲਈ ਕੁਰਬਾਨੀ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੀ ਮਹਾਨ ਕੁਰਬਾਨੀ ਨੇ ਲੱਖਾਂ ਨੌਜਵਾਨਾਂ ਨੂੰ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੂਹ ਨੌਜਵਾਨਾਂ ਨੂੰ ਕੌਮ ਦੀ ਨਿਰਸਵਾਰਥ ਸੇਵਾ ਕਰਨ ਲਈ ਇਸ ਮਹਾਨ ਸ਼ਹੀਦ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਮਹਾਨ ਕੌਮੀ ਨਾਇਕਾਂ ਦੇ ਨਕਸ਼ੇ-ਕਦਮ ‘ਤੇ ਚੱਲ ਕੇ ਦੇਸ਼ ਦੀ ਸੇਵਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸੂਬੇ ਦੇ ਕੋਨੇ-ਕੋਨੇ ਵਿੱਚ ਹੋਣੇ ਚਾਹੀਦੇ ਹਨ ਤਾਂ ਜੋ ਸ਼ਹੀਦਾਂ ਦੀ ਵਿਰਾਸਤ ਨੂੰ ਸਦਾ ਕਾਇਮ ਰੱਖਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਉਨ੍ਹਾਂ ਸ਼ਹੀਦਾਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹਰ ਸੰਭਵ ਯਤਨ ਕਰ ਰਿਹਾ ਹੈ, ਜਿਨ੍ਹਾਂ ਨੇ ਮਾਤ ਭੂਮੀ ਦੀ ਖ਼ਾਤਰ ਆਪਣੀਆਂ ਜਾਨਾਂ ਵਾਰ ਦਿੱਤੀਆਂ।

ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅੱਤਿਆਚਾਰ ਅਤੇ ਬੇਇਨਸਾਫ਼ੀ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਇਨ੍ਹਾਂ ਉਪਦੇਸ਼ਾਂ ਨੂੰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਕਾਇਮ ਰੱਖਣ ਦੀ ਲੋੜ ਹੈ ਤਾਂ ਜੋ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀ ਅਮੀਰ ਵਿਰਾਸਤ ਹੈ ਅਤੇ ਸਾਡੇ ਨੌਜਵਾਨਾਂ ਨੂੰ ਇਸ ਬਾਰੇ ਪਤਾ ਹੋਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਾਸਤੇ ਸਿਖਲਾਈ ਦੇਣ ਲਈ ਅੱਠ ਹਾਈ-ਟੈਕ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀਆਂ ਪ੍ਰੀਖਿਆਵਾਂ ਪਾਸ ਕਰਕੇ ਸੂਬੇ ਅਤੇ ਦੇਸ਼ ਵਿੱਚ ਚੰਗੇ ਅਹੁਦਿਆਂ ‘ਤੇ ਬੈਠਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਇਹ ਟੀਚਾ ਹੈ ਕਿ ਨੌਜਵਾਨ ਉੱਚੇ ਅਹੁਦਿਆਂ ‘ਤੇ ਬੈਠ ਕੇ ਦੇਸ਼ ਦੀ ਸੇਵਾ ਕਰਨ।

ਵਿਰੋਧੀ ਪਾਰਟੀਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਆਪਣੇ ਸੱਤਾ ਦੇ ਦੌਰ ਦੌਰਾਨ ਮਹਿਲਨੁਮਾ ਘਰਾਂ ‘ਚ ਰਹਿ ਰਹੇ ਸਨ, ਉਨ੍ਹਾਂ ਨੂੰ ਲੋਕਾਂ ਨੇ ਸੂਬੇ ਦੇ ਸਿਆਸੀ ਦ੍ਰਿਸ਼ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਇੱਕ ਨਵੇਂ ਯੁੱਗ ਦੀ ਸਵੇਰ ਵੇਖੀ ਹੈ ਕਿਉਂਕਿ ਅਜਿੱਤ ਮੰਨੇ ਜਾਂਦੇ ਇਨ੍ਹਾਂ ਆਗੂਆਂ ਨੂੰ ਲੋਕਾਂ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਦਕਾ ਹੀ ਪੰਜਾਬ ਵਿੱਚ ਬਦਲਾਅ ਦੇਖਣ ਨੂੰ ਮਿਲਿਆ ਹੈ ਅਤੇ ਇਹ ਪਹਿਲੀ ਵਾਰ ਹੈ ਕਿ ਸ਼ਾਸਨ ਵਿੱਚ ਲੋਕ ਭਲਾਈ ‘ਤੇ ਕੇਂਦਰਿਤ ਫੈਸਲੇ ਲਏ ਜਾ ਰਹੇ ਹਨ।

Similar Posts

Comments

Leave a Reply

Your email address will not be published. Required fields are marked *