13 ਅਗਸਤ 2025: ਬਾਗਬਾਨੀ ਮੰਤਰੀ ਮਹਿੰਦਰ ਭਗਤ (mahinder bhagat) ਨੇ ਅਧਿਕਾਰੀਆਂ ਨੂੰ ਫੁੱਲਾਂ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਜ਼ਰੂਰੀ ਕਦਮ ਚੁੱਕਣ ਦੇ ਆਦੇਸ਼ ਦਿੱਤੇ। ਮਹਿੰਦਰ ਭਗਤ ਸੋਮਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਬਾਗਬਾਨੀ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈ ਰਹੇ ਸਨ। ਇਸ ਮੌਕੇ ਮੰਤਰੀ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਪਾਸੇ ਫੁੱਲਾਂ ਦੀ ਮੰਗ ਵੱਧ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਸਮਾਗਮ ਜਾਂ ਪ੍ਰੋਗਰਾਮ ਫੁੱਲਾਂ ਦੀ ਸਜਾਵਟ ਤੋਂ ਬਿਨਾਂ ਪੂਰਾ ਨਹੀਂ ਹੋ ਸਕਦਾ।
ਬਾਗਬਾਨੀ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ (bhagwant singh maan) ਦੀ ਅਗਵਾਈ ਹੇਠ ਸੂਬਾ ਸਰਕਾਰ ਬਾਗਬਾਨੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਫੁੱਲਾਂ ਦੇ ਬੀਜ ਉਤਪਾਦਨ ਲਈ ਕਿਸਾਨਾਂ ਨੂੰ ਵਿਸ਼ੇਸ਼ ਤੌਰ ‘ਤੇ 14,000 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਲੋੜ ਅਨੁਸਾਰ ਤਕਨੀਕੀ ਸਿਖਲਾਈ ਵੀ ਦਿੱਤੀ ਜਾ ਰਹੀ ਹੈ।
ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ, ਬਾਗਬਾਨੀ ਸਕੱਤਰ ਸ੍ਰੀ ਬਸੰਤ ਗਰਗ ਅਤੇ ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ ਨੇ ਮੰਤਰੀ ਨੂੰ ਕਿਸਾਨਾਂ ਦੇ ਹਿੱਤ ਵਿੱਚ ਚਲਾਏ ਜਾ ਰਹੇ ਉਪਰਾਲਿਆਂ ਅਤੇ ਵਿਭਾਗ ਵਿੱਚ ਚੱਲ ਰਹੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ।
ਇਸ ਮੌਕੇ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਦਾ ਮੁੱਖ ਉਦੇਸ਼ ਕਿਸਾਨਾਂ ਦੀ ਆਮਦਨ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ, ਸੂਬਾ ਸਰਕਾਰ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ।